ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਵਿਰੁੱਧ ਭਿ੍ਰਸ਼ਟਾਚਾਰ ਦਾ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੇਸ ਵਿਜਲੈਂਸ ਬਿਊਰੋ ਵੱਲੋਂ ਜੂਨ 2022 ਵਿੱਚ ਦਰਜ ਕੀਤਾ ਗਿਆ ਸੀ। ਪੰਜਾਬ ਮੰਤਰੀ ਮੰਡਲ ਨੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਚਲਾਉਣ ਦੀ ਪ੍ਰਵਾਨਗੀ ਲਈ ਰਾਜਪਾਲ ਨੂੰ ਸਿਫਾਰਿਸ਼ ਕਰ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਵਿੱਚ ਐੱਨ ਆਈ ਏ ਚੱਲ ਰਹੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਨਿਪਟਾਰਾ ਕਰਨ ਲਈ ਮੁਹਾਲੀ ਵਿਖੇ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਜਿੱਥੇ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜ ਵੱਲੋਂ ਐੱਨ ਆਈ ਏ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੀਆਂ ਪਗਡੰਡੀਆਂ ਅਤੇ ਖਾਲਿਆਂ ’ਤੇ ਕਬਜ਼ੇ ਕਰਨ ਵਾਲਿਆਂ ਤੋਂ ਵਸੂਲੀ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਵੱਲੋਂ ਕੀਮਤ ਤੈਅ ਕੀਤੀ ਜਾਵੇਗੀ। ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਨਿਯਮਾਂ ਤਹਿਤ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆ ਓ ਟੀ ਐੱਸ ਸਕੀਮ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਕੀਮ ਤਹਿਤ ਵਪਾਰੀਆਂ ਨੂੰ ਜੁਰਮਾਨਾ ਅਤੇ ਵਿਆਜ ਵਿੱਚ ਛੋਟ ਦਿੱਤੀ ਜਾਵੇਗੀ। ਇਹ ਸਕੀਮ 31 ਦਸੰਬਰ ਤੱਕ ਲਾਗੂ ਹੋਵੇਗੀ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਬਕਾਇਆ ਭੁਗਤਾਨ ਨਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਐਲਾਨ ਕੀਤਾ ਕਿ ‘ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025’ 1 ਅਕਤੂਬਰ, ਤੋਂ 31 ਦਸੰਬਰ ਤੱਕ ਲਾਗੂ ਰਹੇਗੀ ਅਤੇ ਇਸ ਸਕੀਮ ਦਾ ਉਦੇਸ਼ ਜੀ ਐੱਸ ਟੀ ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਵਿੱਚ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਰਿਕਵਰੀ ਨਾਲ ਸੰਬੰਧਤ ਲਗਭਗ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਕਾਫ਼ੀ ਰਾਹਤ ਮਿਲੇਗੀ।
ਚੀਮਾ ਨੇ ਕਿਹਾ ਕਿ ਇਹ ਪਹਿਲ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਹੈ, ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀ ਗਈ ਤੀਜੀ ਅਜਿਹੀ ਸਕੀਮ ਹੈ। ਇਹ ਟੈਕਸਦਾਤਾਵਾਂ ਲਈ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਆਖਰੀ ਮੌਕਾ ਹੋਵੇਗਾ। ਉਨ੍ਹਾ ਕਿਹਾ ਕਿ 1 ਜਨਵਰੀ 2026 ਤੋਂ ਬਾਅਦ ਉਨ੍ਹਾਂ ਲੋਕਾਂ ਲਈ ਰਿਕਵਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ, ਜੋ ਇਸ ਸਕੀਮ ਦੀ ਚੋਣ ਕਰਨ ਵਿੱਚ ਅਸਫਲ ਰਹਿੰਦੇ ਹਨ।
ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ 1 ਕਰੋੜ ਰੁਪਏ ਤੱਕ ਦੇ ਬਕਾਏ ਲਈ ਕਰਦਾਤਾਵਾਂ ਨੂੰ ਵਿਆਜ ਅਤੇ ਜੁਰਮਾਨੇ ’ਤੇ 100 ਫੀਸਦੀ ਛੋਟ ਮਿਲੇਗੀ, ਨਾਲ ਹੀ ਟੈਕਸ ਰਕਮ ’ਤੇ ਵੀ 50 ਫੀਸਦੀ ਛੋਟ ਮਿਲੇਗੀ, 1 ਕਰੋੜ ਰੁਪਏ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ, ਵਿਆਜ ਅਤੇ ਜੁਰਮਾਨੇ ’ਤੇ 100 ਫੀਸਦੀ ਛੋਟ ਹੋਵੇਗੀ ਅਤੇ ਟੈਕਸ ਰਕਮ ’ਤੇ 25 ਫੀਸਦੀ ਛੋਟ ਹੋਵੇਗੀ ਅਤੇ 25 ਕਰੋੜ ਰੁਪਏ ਤੋਂ ਵੱਧ ਬਕਾਏ ਵਾਲੇ ਮਾਮਲਿਆਂ ਵਿੱਚ ਟੈਕਸ ਰਕਮ ’ਤੇ 10 ਫੀਸਦੀ ਛੋਟ ਦੇ ਨਾਲ ਵਿਆਜ ਅਤੇ ਜੁਰਮਾਨੇ ’ਤੇ 100 ਫੀਸਦੀ ਛੋਟ ਪ੍ਰਦਾਨ ਕੀਤੀ ਜਾਵੇਗੀ।





