350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

0
143

ਚੰਡੀਗੜ੍ਹ, (ਗੁਰਜੀਤ ਬਿੱਲਾ)
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮਹਾਨ ਮੌਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 25 ਅਕਤੂਬਰ ਨੂੰ ਦਿੱਲੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਸਮਾਗਮ ਹੋਵੇਗਾ।ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਜੰਮੂ, ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸਜਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਰ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ ਅਤੇ ਇਸ ਪਵਿੱਤਰ ਨਗਰ ਵਿਖੇ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਪਵਿੱਤਰ ਮੌਕਾ ਹੈ ਜਦੋਂ ਅਸੀਂ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ-ਆਪ ਨੂੰ ਮੁੜ ਸਮਰਪਿਤ ਕਰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਮੌਕੇ ਨੂੰ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਤਾਂ ਜੋ ਸਾਡੇ ਦੇਸ਼ ਖਾਸ ਕਰਕੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈ.ਟੀ.ਓ., ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਮੌਜੂਦ ਸਨ।