ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ।
ਉਨ੍ਹਾ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ।ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ।ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਦਿਆਂ ਮਾਨ ਨੇ ਸੀ.ਪੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ।ਹੜ੍ਹਾਂ ਦੌਰਾਨ ਪੰਜਾਬ ਪੁਲਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਸ ਨੂੰ ਸਰਾਹਿਆ। ਉਨ੍ਹਾ ਪੰਜਾਬ ਪੁਲਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ।ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।




