ਪ੍ਰਧਾਨ ਮੰਤਰੀ ਦੇ 1600 ਕਰੋੜ ’ਚੋਂ ਅਜੇ ਤੱਕ ਦੁੱਕੀ ਵੀ ਨਹੀਂ ਮਿਲੀ : ਚੀਮਾ

0
96

ਅਸੰਬਲੀ ਅਜਲਾਸ ’ਚ 20 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ, ਆਪ ਵਿਧਾਇਕਾਂ ਵੱਲੋਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਹੜ੍ਹਾਂ ਉਪਰ ਬਹਿਸ ਹੋਈ। ਬਹਿਸ ਦੀ ਸ਼ੁਰੂਆਤ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਨੇ ਕੀਤੀ। ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉੱਭਰ ਰਹੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ’ਤੇ ਕੇਂਦਰਿਤ ਕੀਤਾ ਜਾਵੇ। ਜਲ ਸਰੋਤ ਮੰਤਰੀ ਨੇ ਕਿਹਾ ਕਿ ਐਤਕੀਂ ਬਰਸਾਤਾਂ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਵੀ ਫ਼ੇਲ੍ਹ ਕਰ ਦਿੱਤਾ ਅਤੇ ਇਹੋ ਪਾਣੀ ਪੰਜਾਬ ਵਿੱਚ ਤਬਾਹੀ ਦਾ ਕਾਰਨ ਬਣਿਆ। ਇਸ ਦੌਰਾਨ ਜਿੱਥੇ ਸੂਬਾ ਸਰਕਾਰ ਨੇ ਕੇਂਦਰ ਨੂੰ ਨਿਸ਼ਾਨੇ ’ਤੇ ਰੱਖਿਆ, ਉਥੇ ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਘੇਰਿਆ। ਬਹਿਸ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕੇਂਦਰ ਸਰਕਾਰ ਖਿਲਾਫ਼ ਮਤਾ ਪੇਸ਼ ਕਰਦਿਆਂ ਕੇਂਦਰ ਤੋਂ ਪੰਜਾਬ ਲਈ 20,000 ਕਰੋੜ ਦਾ ਪੈਕੇਜ ਮੰਗਿਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਲਾਸ਼ਾਂ ’ਤੇ ਸਿਆਸਤ ਕਰ ਰਹੀ ਹੈ। ਉਧਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਬਾਜਵਾ ਨੇ ਰੰਗਲਾ ਪੰਜਾਬ ਸੁਸਾਇਟੀ ’ਤੇ ਵੀ ਸਵਾਲ ਉਠਾਏ ਅਤੇ ਸਦਨ ਤੋਂ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਧੇ ਹੜ੍ਹ ਪੀੜਤਾਂ ਨੂੰ ਫੰਡ ਦੇਣ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਮੰਗ ਉਠਾਈ ਕਿ ਬੀ ਬੀ ਐੱਮ ਬੀ ਦਾ ਕੰਟਰੋਲ ਪੰਜਾਬ ਹਵਾਲੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਹੜ੍ਹਾਂ ਦੌਰਾਨ ਬੀ ਬੀ ਐੱਮ ਬੀ ਨੇ ਪੰਜਾਬ ਨੂੰ ਨਿਹੱਥਾ ਕਰੀ ਰੱਖਿਆ। ਬੀ ਬੀ ਐੱਮ ਬੀ ਦੀ ਜ਼ਿੱਦ ’ਤੇ ਫੈਸਲਿਆਂ ਨੇ ਪੰਜਾਬ ਦਾ ਨੁਕਸਾਨ ਕੀਤਾ। ਉਨ੍ਹਾਂ ਦਰਿਆਵਾਂ ਦੀ ਡੀਸਿਲਟਿੰਗ ’ਚ ਕੇਂਦਰੀ ਅੜਿੱਕਿਆਂ ਦਾ ਵੀ ਜ਼ਿਕਰ ਕੀਤਾ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੌਰਾਨ ਪੰਜਾਬ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਥਾਂ ਨਮਕ ਲਾਇਆ। ਉਨ੍ਹਾ ਕਿਹਾ ਕਿ ਔਖ ਦੀ ਘੜੀ ’ਚ ਕੇਂਦਰ ਨੇ ਪੰਜਾਬ ਦੀ ਬਾਂਹ ਨਹੀਂ ਫੜੀ। ਉਨ੍ਹਾ ਕਿਹਾ ਕਿ ਸਥਾਨਕ ਭਾਜਪਾ ਲੀਡਰਾਂ ਨੇ ਵੀ ਕੇਂਦਰ ਸਰਕਾਰ ਦਾ ਪੱਖ ਪੂਰਿਆ। ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਇਸ ਸਮੇਂ ਗਲਤੀਆਂ ਨੂੰ ਸੁਧਾਰਨ ਦਾ ਸਹੀ ਮੌਕਾ ਹੈ। ਕੇਂਦਰ ਸਰਕਾਰ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਖੁੱਲ੍ਹੇ ਦਿਲ ਨਾਲ ਮਦਦ ਕਰੇ। ਉਨ੍ਹਾ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਅੱਗੇ ਆਉਣ ਤੇ ਤੁਰੰਤ ਸੂਬੇ ਦੀ ਮਦਦ ਕਰਨ। ਜਲ ਸਰੋਤ ਮੰਤਰੀ ਵੱਲੋਂ ਸਦਨ ਵਿੱਚ ਨਿਗੂਣੀ ਮਦਦ ਕਾਰਨ ਕੇਂਦਰ ਖਿਲਾਫ ਮਤਾ ਪੇਸ਼ ਕੀਤਾ ਗਿਆ ਅਤੇ ਕੇਂਦਰ ਤੋਂ 20 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਏ ਜਾਣ ਮਗਰੋਂ ਸਦਨ ’ਚ ਹੰਗਾਮਾ ਹੋਇਆ। ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿੱਚ ਮੰਗ ਕੀਤੀ ਕਿ ਪੰਜਾਬ ’ਚ ਆਏ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਪ੍ਰਮੁੱਖ ਸਕੱਤਰ ਕਿ੍ਰਸ਼ਨ ਕੁਮਾਰ ਨੂੰ ਨਿਸ਼ਾਨੇ ’ਤੇ ਲਿਆ। ਗੋਇਲ ਨੇ ਬਾਜਵਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ, ਪਰ ਇਸ ਦੌਰਾਨ ਬਾਜਵਾ ਉਨ੍ਹਾਂ ਨੂੰ ਟੋਕਦੇ ਰਹੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਸਦਨ ਵਿਚ ਕਿਹਾ ਕਿ ਕਾਂਗਰਸ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਤੇ ਚੀਮਾ ਦੇ ਭਾਸ਼ਣ ਵਿਚ ਵਿਘਨ ਪਾਇਆ। ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ’ਚ ਕੇਂਦਰੀ ਰਾਹਤ ਫੰਡ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਰਾਹਤ ਫੰਡਾਂ ਲਈ ਦਿੱਤੇ ਗਏ 1600 ਕਰੋੜ ’ਚੋਂ ਇੱਕ ਪੈਸਾ ਵੀ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਨਹੀਂ ਆਇਆ। ਅਸੰਬਲੀ ਵਿੱਚ ਆਪ ਵਿਧਾਇਕਾਂ ਨੇ ਪੰਜਾਬ ਦੀ ਸਾਰ ਨਾ ਲੈਣ ’ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ ਰਣਨੀਤੀਆਂ ਤਿਆਰ ਕਰਨ ਦਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਅਜਲਾਸ ਦੌਰਾਨ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।ਸਿੱਖਿਆ ਮੰਤਰੀ ਨੇ ਅਚਾਨਕ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਘੱਟ ਕਰਨ ਲਈ ਡੈਮਾਂ ਦੇ ਕੈਚਮੈਂਟ ਖੇਤਰਾਂ ਵਿੱਚ ਚੈੱਕ ਡੈਮ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਸ. ਬੈਂਸ ਨੇ ਕਿਹਾ ,10 ਦਿਨ ਹੋ ਗਏ ਹਨ, ਪਰ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪ੍ਰਧਾਨ ਮੰਤਰੀ, ਜੋ ਹੋਰਨਾਂ ਸੂਬਿਆਂ ਵਿੱਚ ਰੋਡ ਸ਼ੋਅ ਕੱਢਣ ਵਿੱਚ ਮਸਰੂਫ਼ ਹਨ, ਵੱਲੋਂ ਮੁਲਾਕਾਤ ਲਈ ਸਮਾਂ ਦੇਣ ਲਈ ਇੱਕ ਵੀ ਸੁਨੇਹਾ ਨਹੀਂ ਆਇਆ। ਇਸ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪਿ੍ਰਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਆਪਣੀਆਂ ਸੀਟਾਂ ’ਤੇ ਖੜ੍ਹ ਕੇ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।