ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਬੇਸ਼ਰਮੀ ਨਾਲ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਤੇ ਰਾਜਨੀਤੀ ਕਰ ਰਹੀ ਹੈ ਅਤੇ ਸੂਬੇ ਦੇ ਲੋਕਾਂ ਲਈ ਬਹੁਤ ਜ਼ਰੂਰੀ ਰਾਹਤ ਨੂੰ ਰੋਕਣ ਲਈ ਭਾਜਪਾ ਦਾ ਸਾਥ ਦੇ ਰਹੀ ਹੈ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਭਾਵਤ ਪਰਵਾਰਾਂ ਦੇ ਮੁੜ ਵਸੇਬੇ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਕਾਂਗਰਸ ਪਾਰਟੀ ਰਾਹਤ ਫੰਡਾਂ ਨੂੰ ਰੋਕ ਕੇ ਅਤੇ ਬੇਕਸੂਰ ਲੋਕਾਂ ਦੀਆਂ ਮੌਤਾਂ ਦਾ ਰਾਜਨੀਤੀਕਰਨ ਕਰਕੇ ਨੀਵੇਂ ਪੱਧਰ ’ਤੇ ਡਿੱਗ ਰਹੀ ਹੈ।
‘ਆਪ’ ਸਰਕਾਰ ਵੱਲੋਂ ਲੋਕਾਂ ਦੇ ਮੁੜ ਵਸੇਬੇ ਬਾਰੇ ਚਰਚਾ ਕਰਨ ਲਈ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਕਾਂਗਰਸ ਦੇ ਵਤੀਰੇ ਦੀ ਨਿੰਦਾ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹੋਣ ਦੀ ਬਜਾਏ, ਕਾਂਗਰਸੀ ਆਗੂਆਂ ਨੇ ਆਪਣੇ ਪੈਰ ਗੰਦੇ ਹੋਣ ਤੋਂ ਬਚਣ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਵਾਹਨਾਂ ਨਾਲ ਸਸਤੇ ਫੋਟੋ-ਅਪ ਕਰਵਾਉਣ, ਡਰਾਮਾ ਕਰਨ ਨੂੰ ਤਰਜੀਹ ਦਿੱਤੀ। ਵਿਧਾਨ ਸਭਾ ਵਿੱਚ ਉਨ੍ਹਾਂ ਆਪਣੇ ਸਵਾਰਥੀ ਹਿੱਤਾਂ ਲਈ ਹੜ੍ਹ ਪੀੜਤਾਂ ਦੀਆਂ ਮੌਤਾਂ ਦਾ ਰਾਜਨੀਤੀਕਰਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਦੀ ਪੰਜਾਬ ਵਿਰੋਧੀ ਮਾਨਸਿਕਤਾ ਕੱਲ੍ਹ ਪੂਰੀ ਤਰ੍ਹਾਂ ਬੇਨਕਾਬ ਹੋ ਗਈ
ਮੰਤਰੀ ਨੇ ਖੁਲਾਸਾ ਕੀਤਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਮੁੜ ਨਿਰਮਾਣ ਲਈ ਇੱਕ ਸਮਰਪਿਤ ‘ਰੰਗਲਾ ਪੰਜਾਬ’ ਫੰਡ ਬਣਾਇਆ ਹੈ, ਜਿਸ ਵਿੱਚ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਭਾਰੀ ਯੋਗਦਾਨ ਪਾਇਆ ਜਾ ਰਿਹਾ ਹੈ, ਪਰ ਕਾਂਗਰਸੀ ਆਗੂ ਹੜ੍ਹ ਰਾਹਤ ਲਈ ਇਸ ਫੰਡ ਦਾ ਸ਼ਰਮਨਾਕ ਵਿਰੋਧ ਕਰ ਰਹੇ ਹਨ। ਇਹ ਉਹੀ ਕਾਂਗਰਸ ਹੈ, ਜਿਸ ਨੇ ਦਹਾਕਿਆਂ ਤੋਂ ਪੰਜਾਬ ਦੀ ਆਰਥਿਕਤਾ ਨੂੰ ਬਰਬਾਦ ਕੀਤਾ, ਹੁਣ ਇਸ ਨੂੰ ਮੁੜ ਨਿਰਮਾਣ ਦੇ ਹਰ ਯਤਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਉਨ੍ਹਾਂ ਦੀ ਅਸਲ ਮਾਨਸਿਕਤਾ ਨੂੰ ਦਰਸਾਉਦਾ ਹੈ।ਉਹਨਾ ਭਾਜਪਾ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਲੋਕਾਂ ਨੂੰ ਯਾਦ ਦਿਵਾਇਆ ਕਿ ਭਗਵਾ ਪਾਰਟੀ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ। ਪਹਿਲਾਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਰ ਨਾਲ ਆਏ, ਫੇਰ 1600 ਕਰੋੜ ਰੁਪਏ ਦੇ ਪੈਕੇਜ ਦਾ ‘ਜੁਮਲਾ’ ਐਲਾਨ ਕੀਤਾ, ਪਰ ਇਸ ਦਾ ਇੱਕ ਵੀ ਰੁਪਿਆ ਪੰਜਾਬ ਤੱਕ ਨਹੀਂ ਪਹੁੰਚਿਆ, ਸਿਰਫ਼ 240 ਕਰੋੜ ਰੁਪਏ, ਉਹ ਵੀ ਪਹਿਲਾਂ ਹੀ ਬਜਟ ਵਿੱਚ ਰੱਖੇ ਗਏ ਪ੍ਰਬੰਧ ਵਿੱਚੋਂ, ਜਾਰੀ ਕੀਤੇ ਗਏ ਹਨ। ਭਾਜਪਾ ਦੀ ਪੰਜਾਬ ਪ੍ਰਤੀ ਨਫ਼ਰਤ ਸਪੱਸ਼ਟ ਹੈ ਅਤੇ ਹੁਣ ਕਾਂਗਰਸ ਪਾਰਟੀ ਇਸ ਵਿਸ਼ਵਾਸਘਾਤ ਵਿੱਚ ਉਨ੍ਹਾਂ ਨਾਲ ਹੱਥ ਮਿਲਾ ਚੁੱਕੀ ਹੈ। ਪੰਜਾਬ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਵਿੱਤ ਮੰਤਰੀ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੀ ਰਾਹਤ ਦੀ ‘ਆਪ’ ਦੀ ਮੰਗ ਨੂੰ ਦੁਹਰਾਇਆ ਅਤੇ ਸਵਾਲ ਕੀਤਾ ਕਿ ਜਦੋਂ ਵੀ ਪੰਜਾਬ ਆਪਣੇ ਹੱਕਾਂ ਦੀ ਮੰਗ ਕਰਦਾ ਹੈ ਤਾਂ ਕਾਂਗਰਸੀ ਆਗੂ ਵਾਰ-ਵਾਰ ਭਾਜਪਾ ਦਾ ਸਾਥ ਕਿਉ ਦਿੰਦੇ ਹਨ। ਉਨ੍ਹਾ ਕਿਹਾ ਕਿ ਜਦੋਂ ਵੀ ਅਸੀਂ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੇ ਹਾਂ, ਕਾਂਗਰਸ ਅਚਾਨਕ ਭਾਜਪਾ ਦੀ ਭਾਸ਼ਾ ਬੋਲਣ ਲੱਗ ਪੈਂਦੀ ਹੈ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਅਤੇ ਭਾਜਪਾ ਅਕਾਲੀਆਂ ਦੇ ਨਾਲ ਇੱਕੋ ਜਿਹੀ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੇ ਹਨ।





