ਬਾਜਵਾ ਨੇ ਝੂਠ ਬੋਲਿਆ : ਗੋਇਲ

0
128

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੋਮਵਾਰ ਹੜ੍ਹਾਂ ’ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁੰਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ।ਵਿਧਾਨ ਸਭਾ ਦੇ ਵਿਸ਼ੇਸ਼ ਅਜਲਾਸ ਦੌਰਾਨ ‘ਪੰਜਾਬ ਦਾ ਪੁਨਰਵਾਸ’ ਮਤੇ ’ਤੇ ਬੋਲਦਿਆਂ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ ਸੁੱਖ ਭੋਗਣ ਵਾਲੀ, ਅੱਜ ਦੀ ਵਿਰੋਧੀ ਧਿਰ ਦੇ ਆਗੂ ਸਿਰਫ਼ ਰਾਜਨੀਤੀ ਕਰਨ ਲਈ ਹੀ ਸਰਕਾਰ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ।
ਉਨ੍ਹਾ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਫੋਕੀ ਰਾਜਨੀਤੀ ਲਈ ਸਦਨ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਿਆ ਗਿਆ, ਜਦਕਿ ਸੱਚਾਈ ਇਹ ਹੈ ਕਿ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਝੂਠ ਬੋਲ ਕੇ ਅਪਰਾਧ ਕੀਤਾ ਹੈ, ਜਿਸ ਲਈ ਉਨ੍ਹਾ ਨੂੰ ਸਦਨ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਸਦਨ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਉਨ੍ਹਾ ਕਿਹਾ ਕਿ ਜਿਹੜੇ ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ ਦੇ ਸੱਕੀ ਨਾਲੇ ਦੀ ਸਫ਼ਾਈ ਨਾ ਹੋਣ ਬਾਰੇ ਝੂਠਾ ਪ੍ਰਚਾਰ ਕਰ ਰਹੇ ਹਨ, ਉਨ੍ਹਾਂ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਲੱਗੇ ਬਾਬਾ ਗੁੱਜਰ ਮੇਲੇ ਦੌਰਾਨ ਇਲਾਕੇ ਦੀਆਂ 20 ਪੰਚਾਇਤਾਂ ਨੇ ਮੇਰਾ ਸਨਮਾਨ ਇਸ ਲਈ ਕੀਤਾ ਕਿ ਮੈਂ ਸੱਕੀ ਨਾਲੇ ਦੀ ਸਫ਼ਾਈ ਕਰਵਾਈ ਹੈ।