ਸੋਨਮ ਵਾਂਗਚੁੱਕ ਦੀ ਰਿਹਾਈ ਲਈ ਸੁਪਰੀਮ ਕੋਰਟ ਪੁੱਜੀ ਪਤਨੀ ਗੀਤਾਂਜਲੀ

0
108

ਨਵੀਂ ਦਿੱਲੀ : ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਐਂਗਮੋ ਆਪਣੇ ਪਤੀ ਦੀ ਫੌਰੀ ਰਿਹਾਈ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ। ਵਾਂਗਚੁੱਕ ਨੂੰ ਕਥਿਤ ‘ਭੜਕਾਊ ਭਾਸ਼ਣਾਂ’ ਤੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿਚ ਹਾਲੀਆ ਹਿੰਸਾ ਮਗਰੋਂ ਐੱਨ ਐੱਸ ਏ ਤਹਿਤ ਗਿ੍ਰਫ਼ਤਾਰ ਕਰਕੇ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਰੱਖਿਆ ਗਿਆ ਹੈ। ਐਂਗਮੋ ਨੇ ਵਕੀਲ ਸਰਵਮ ਰਿਤਮ ਖਰੇ ਰਾਹੀਂ ਦਾਇਰ ਆਪਣੀ ਪਟੀਸ਼ਨ ਵਿੱਚ ਵਾਂਗਚੁੱਕ ਦੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਹੈ, ਨਾਲ ਹੀ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਵਾਂਗਚੁੱਕ ਵਿਰੁੱਧ ਐੱਨ ਐੱਸ ਏ ਦੀ ਵਰਤੋਂ ਕਰਨ ਦੇ ਫੈਸਲੇ ’ਤੇ ਵੀ ਸਵਾਲ ਉਠਾਏ ਗਏ ਹਨ। ਐਂਗਮੋ ਨੇ ਦੋਸ਼ ਲਗਾਇਆ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਉਸ ਨੂੰ ਅਜੇ ਤੱਕ ਨਜ਼ਰਬੰਦੀ ਦੇ ਹੁਕਮਾਂ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਗਈ ਹੈ। ਇਸ ਤੋਂ ਇਲਾਵਾ ਹੁਣ ਤੱਕ ਉਸ ਦਾ ਆਪਣੇ ਪਤੀ ਵਾਂਗਚੁੱਕ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਵਾਂਗਚੁੱਕ ਵੱਲੋਂ ਲੱਦਾਖ਼ ਨੂੰ ਰਾਜ ਦਾ ਦਰਜਾ ਦੇਣ ਤੇ 6ਵੇਂ ਸ਼ਡਿਊਲ ਵਿਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਵਿੱਢੀ ਭੁੱਖ ਹੜਤਾਲ ਦੌਰਾਨ ਹਿੰਸਾ ਭੜਕ ਗਈ ਸੀ।