ਤਰਨ ਤਾਰਨ ਤੋਂ ਹਰਮੀਤ ਸੰਧੂ ਸਾਡਾ ਉਮੀਦਵਾਰ : ਮਾਨ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
ਚੰਡੀਗੜ੍ਹ/ਤਰਨ ਤਾਰਨ, ਪੱਟੀ, ਝਬਾਲ (ਪਿ੍ਰਤਪਾਲ ਸਿੰਘ, ਬਲਦੇਵ ਸਿੰਘ ਸੰਧੂ, ਹਰਜਿੰਦਰ ਸਿੰਘ ਸੋਨੀ)
ਸ੍ਰੀ ਗੁਰੂ ਤੇਗ਼ ਬਹਾਦਰ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਸਮਾਗਮ ਮੁੱਖ ਤੌਰ ’ਤੇ 23 ਨਵੰਬਰ ਨੂੰ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ ਦਿਹਾੜਾ ਹੈ। ਪੰਜਾਬ ਸਰਕਾਰ ਨੇ ਇਸ ਅਜਲਾਸ ਦੀ ਤਿਆਰੀ ਵਿੱਢ ਦਿੱਤੀ ਹੈ ਅਤੇ ਇਸ ਸਰਕਾਰੀ ਤਜਵੀਜ਼ ’ਤੇ ਮੰਥਨ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਮੁਤਾਬਕ ਵਿਧਾਨ ਸਭਾ ਦਾ ਅਜਲਾਸ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ’ਚ ਹੈ। ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ।
ਮਾਨ ਨੇ ਤਰਨ ਤਾਰਨ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਐਲਾਨਿਆ। ਇਹ ਸੀਟ ਜੂਨ ਵਿੱਚ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਨੇ ਅਜੇ ਤੱਕ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਨਹੀਂ ਕੀਤਾ ਹੈ। ਤਰਨ ਤਾਰਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਸੰਧੂ ਉਪ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਮਾਨ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਲਈ ਇੱਕ ਪ੍ਰੋਜੈਕਟ ਦੇ ਉਦਘਾਟਨ ਲਈ ਤਰਨ ਤਾਰਨ ਵਿੱਚ ਸਨ। ਸੰਧੂ ਤਰਨ ਤਾਰਨ ਸੀਟ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ। ਉਹ 2002 ਵਿੱਚ ਇੱਕ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸਨ। ਸੰਧੂ 2007 ਅਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਦੁਬਾਰਾ ਚੁਣੇ ਗਏ ਸਨ। ਹਾਲਾਂਕਿ ਉਹ 2017 ਅਤੇ 2022 ਵਿੱਚ ਹਾਰ ਗਏ ਸਨ। ਸੰਧੂ 16 ਜੁਲਾਈ ਨੂੰ ‘ਆਪ’ ਵਿੱਚ ਸ਼ਾਮਲ ਹੋਏ ਸਨ।
ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ ’ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਅਤੇ ਬਾਬਾ ਬੁੱਢਾ ਦੀ ਚਰਨ ਛੋਹ ਪ੍ਰਾਪਤ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ।
ਉਨ੍ਹਾਂ ਕਿਹਾ ਕਿ 33,492 ਕਿਲੋਮੀਟਰ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ ਡਬਲਯੂ ਡੀ) ਅਧੀਨ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਸ਼ੁਰੂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲ ਦੀ ਸਾਂਭ-ਸੰਭਾਲ ਸ਼ਾਮਲ ਹੈ ਅਤੇ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖ਼ਰਚੇ ਜਾਣਗੇ, ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੀ ਸਾਂਭ-ਸੰਭਾਲ ਲਈ ਖ਼ਰਚੇ ਜਾਣਗੇ।




