ਚੰਡੀਗੜ੍ਹ (ਗੁਰਜੀਤ ਬਿੱਲਾ)-ਖੇਤੀਬਾੜੀ ਖੇਤਰ ਵਿੱਚ ਕੁਦਰਤੀ ਊਰਜਾ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ ਮਾਨ ਸਰਕਾਰ ਨੇ ਸੂਬੇ ਦੇ ਬਿਜਲੀ ’ਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਬਿਜਲੀ ਸਬਸਿਡੀ ਉਤੇ ਆਉਂਦੇ ਸਾਲਾਨਾ 200 ਕਰੋੜ ਰੁਪਏ ਦੇ ਖਰਚ ਦੀ ਬੱਚਤ ਹੋਵੇਗੀ। ਉਨ੍ਹਾ ਦੱਸਿਆ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਨੂੰ ਚਾਰ ਵੱਡੇ ਲਾਭ ਹੋਣਗੇ, ਜਿਨ੍ਹਾਂ ਵਿੱਚ ਸਰਕਾਰੀ ਖ਼ਜ਼ਾਨੇ ਉਤੇ ਸਬਸਿਡੀ ਦਾ ਬੋਝ ਘਟਾਉਣਾ, ਬਿਜਲੀ ਸਪਲਾਈ ਦੀ ਮੰਗ ਘਟਾਉਣਾ, ਖੇਤੀ ਉਤੇ ਆਉਣ ਵਾਲੀ ਲਾਗਤ ਘਟਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਲਈ ਰਵਾਇਤੀ ਬਿਜਲੀ ਦੀ ਥਾਂ ਸੂਰਜੀ ਊਰਜਾ ਦੀ ਵਰਤੋਂ ਕਰਨਾ ਸ਼ਾਮਲ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਵੱਲੋਂ ਫੀਡਰ ਪੱਧਰ ਉਤੇ 25 ਹਜ਼ਾਰ ਗਰਿੱਡ ਕੁਨੈਕਟਿਡ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਤਬਦੀਲ ਕਰਨ ਲਈ ਸੋਲਰ ਪਾਵਰ ਜੈਨਰੇਟਰਜ਼ (ਐੱਸ ਪੀ ਜੀਜ਼) ਦੀ ਚੋਣ ਕਰਨ ਦੀ ਪ੍ਰਕਿਰਿਆ ਜਾਰੀ ਹੈ।




