ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕੇਂਦਰ ਦੀ ਭਾਜਪਾ ਸਰਕਾਰ ’ਤੇ ‘ਸਿਆਸੀ ਅਣਗਹਿਲੀ’ ਦਾ ਦੋਸ਼ ਲਾਇਆ। ਨੀਲ ਗਰਗ ਨੇ ਕਿਹਾ ਕਿ ਪੰਜਾਬ ਵਿੱਚ ਹੋਏ ਹਜ਼ਾਰਾਂ ਕਰੋੜ ਰੁਪਏ ਦੇ ਨੁਕਸਾਨ ਵਾਲੀ ਤਬਾਹੀ ਦਾ ਸਭ ਤੋਂ ਵੱਡਾ ਕਾਰਨ ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਦੀ ‘ਡੀ-ਸਿਲਟਿੰਗ’ (ਗਾਰ ਕੱਢਣ) ਦੀ ਮਨਜ਼ੂਰੀ ਨਾ ਦੇਣਾ ਹੈ। ਉਹਨਾ ਕਿਹਾ ਕਿ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਪੰਜਾਬ ਦਾ ਭਵਿੱਖ ਹਨ। ਇਨ੍ਹਾਂ ਡੈਮਾਂ ਵਿੱਚ ਬਹੁਤ ਜ਼ਿਆਦਾ ਗਾਰ (ਸਿਲਟ) ਭਰ ਚੁੱਕੀ ਹੈ, ਜੋ ਕਿ ਸਾਡੇ ਭਵਿੱਖ ਲਈ ਖ਼ਤਰਾ ਬਣ ਚੁੱਕੀ ਹੈ।
ਨੀਲ ਗਰਗ ਨੇ ਇੱਕ ਅਖਬਾਰ ਦੀ ਵੱਡੀ ਰਿਪੋਰਟ ਦਾ ਹਵਾਲਾ ਦਿੱਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਨੇ ਡੀ-ਸਿਲਟਿੰਗ ਦੀ ਮਨਜ਼ੂਰੀ ਹੀ ਨਹੀਂ ਦਿੱਤੀ, ਜਿਸ ਦਾ ਨਤੀਜਾ ਅੱਜ ਸਾਰਿਆਂ ਦੇ ਸਾਹਮਣੇ ਹੈ ਕਿ ਕਿਸ ਤਰ੍ਹਾਂ ਪੰਜਾਬ ਵਿੱਚ ਆਏ ਭਿਅੰਕਰ ਹੜ੍ਹਾਂ ਕਾਰਨ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ।ਨੀਲ ਗਰਗ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਹੜ੍ਹਾਂ ਲਈ ਸਾਰਾ ਦੋਸ਼ ਪੰਜਾਬ ਦੀ ਸਰਕਾਰ ਦੇ ਜ਼ਿੰਮੇ ਮੜ੍ਹਿਆ, ਜਦਕਿ ਅਸਲੀਅਤ ਇਹ ਹੈ ਕਿ ਡੀ-ਸਿਲਟਿੰਗ ਦੀ ਮਨਜ਼ੂਰੀ ਕੇਂਦਰ ਸਰਕਾਰ ਨੇ ਦੇਣੀ ਹੁੰਦੀ ਹੈ, ਜੋ ਦਿੱਤੀ ਹੀ ਨਹੀਂ ਗਈ। ਉਨ੍ਹਾ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਡੀ-ਸਿਲਟਿੰਗ ਦੀ ਮਨਜ਼ੂਰੀ ਨਹੀਂ ਦਿੰਦੀ, ਉਦੋਂ ਤੱਕ ਕੋਈ ਵੀ ਕੰਮ ਨਹੀਂ ਹੋ ਸਕਦਾ।



