ਸੰਗਰੂਰ (ਗਿਆਨ ਸੈਦਪੁਰੀ)
ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਨੇ ਸੂਬਾ ਸਰਕਾਰ ਦੇ ਜਾਬਰ ਆਦੇਸ਼ਾਂ ਤਹਿਤ ਮੜ੍ਹੀਆਂ ਪਾਬੰਦੀਆਂ ਨੂੰ ਤੋੜਦੇ ਹੋਏ ਸੋਮਵਾਰ ਇੱਥੇ ਪਟਿਆਲਾ ਰੋਡ ਸਥਿਤ ਮੁੱਖ ਮੰਤਰੀ ਦੇ ਘਰ ਅੱਗੇ ਜੀ ਟੀ ਰੋਡ ਉੱਪਰ ਤਿੰਨ ਰੋਜ਼ਾ ਮੋਰਚਾ ਸ਼ੁਰੂ ਕਰ ਦਿੱਤਾ। ਮੋਰਚੇ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮਰਦ-ਔਰਤਾਂ ਨੇ ਸ਼ਮੂਲੀਅਤ ਕੀਤੀ। ਮੋਰਚੇ ’ਚ ਡਟੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਮੋਰਚੇ ਦੇ ਸੂਬਾਈ ਆਗੂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਗੁਲਜ਼ਾਰ ਗੋਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਮਾਓਂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਦੀ ਥਾਂ ਆਰ ਐੱਸ ਐੱਸ/ ਭਾਜਪਾ ਦੀ ਬੀ ਟੀਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਮਜ਼ਦੂਰਾਂ ਦੀ ਆਵਾਜ਼ ਦਬਾਉਣ ਲਈ ਜਾਬਰ ਹਮਲਾ ਕਰਦਿਆਂ ਦਫਾ 144 ਲਗਾ ਕੇ ਮਜ਼ਦੂਰਾਂ ਦੇ ਮੋਰਚੇ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਮਨਾਹੀ ਦੇ ਹੁਕਮ ਥੋਪ ਕੇ ਦਹਿਸ਼ਤ ਪਾਉਣ ਦਾ ਕੋਝਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮਜ਼ਦੂਰ ਵਿਰੋਧੀ ਫੈਸਲਿਆਂ, ਨੀਤੀਆਂ ਦਾ ਵਿਰੋਧ ਕਰਦਿਆਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਮਜ਼ਦੂਰ ਮੋਰਚੇ ਦੇ ਆਗੂਆਂ ਨੇ ਮਗਨਰੇਗਾ ਤਹਿਤ ਟੱਬਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਰਾ ਸਾਲ ਕੰਮ ਦੇਣ, ਮਗਨਰੇਗਾ ਸਮੇਤ ਹੋਰਨਾਂ ਕੰਮਾਂ ਦੀ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨ ਦਾ ਤੀਜੇ ਹਿੱਸੇ ਦਾ ਹੱਕ ਦਲਿਤਾਂ ਨੂੰ ਅਮਲ ਵਿੱਚ ਦੇਣ, ਅਲਾਟ ਪਲਾਟਾਂ ਦੇ ਮਜ਼ਦੂਰਾਂ ਨੂੰ ਕਬਜ਼ੇ ਦੇਣ, ਲੋੜਵੰਦ ਪਰਵਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ, ਲਾਲ ਲਕੀਰ ਅੰਦਰ ਰਹਿੰਦੇ ਪਰਵਾਰਾਂ ਨੂੰ ਮਾਲਕੀ ਹੱਕ ਦੇਣ, ਮਕਾਨ ਉਸਾਰੀ ਲਈ ਗ੍ਰਾਂਟ ਦਿੱਤੀ ਜਾਵੇ, ਗੁਲਾਬੀ ਸੁੰਡੀ ਕਾਰਨ ਖਰਾਬ ਨਰਮੇ ਅਤੇ ਮੀਂਹ ਕਾਰਨ ਮਰੀਆਂ ਫਸਲਾਂ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ, ਮਾਈਕਰੋ ਫਾਇਨਾਂਸ ਕੰਪਨੀਆਂ ਸਮੇਤ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ੇ ਮੁਆਫ ਕੀਤੇ ਜਾਣ, ਸਹਿਕਾਰੀ ਸਭਾਵਾਂ ਵਿੱਚ ਬੇਜ਼ਮੀਨੇ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਮੈਂਬਰਸ਼ਿਪ ਦਿੱਤੀ ਜਾਵੇ, ਤਿੱਖੇ ਭੂਮੀ ਸੁਧਾਰ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਲੋਕਾਂ ਵਿੱਚ ਵੰਡ ਕਰਨ, ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ ਦੀ ਰਾਸ਼ੀ 5 ਹਜ਼ਾਰ ਰੁਪਏ ਕੀਤੀ ਜਾਵੇ ਅਤੇ ਉਮਰ ਹੱਦ ਘਟਾ ਕੇ 55-58 ਸਾਲ ਕੀਤੀ ਜਾਵੇ । ਉਹਨਾਂ ਕਿਹਾ ਕਿ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਘਰ ਅੱਗੇ ਮੋਰਚਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਮਜ਼ਦੂਰ ਮੰਗਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ।
ਇਸ ਹਾਲਤ ਵਿੱਚ ਮਜ਼ਦੂਰਾਂ ਪਾਸ ਸੰਘਰਸ਼ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ। ਇਸ ਮੋਰਚੇ ਦੀ ਅਗਵਾਈ ਮਜ਼ਦੂਰ ਆਗੂਆਂ ਗੁਰਨਾਮ ਦਾਊਦ, ਕਸ਼ਮੀਰ ਸਿੰਘ ਘੁੱਗਸ਼ੋਰ, ਹਰਮੇਸ਼ ਮਾਲੜੀ, ਕਿ੍ਰਸ਼ਨ ਚੌਹਾਨ, ਦੇਵੀ ਕੁਮਾਰੀ, ਜਸਵੰਤ ਖੇੜੀ, ਕਮਲਜੀਤ ਸਨਾਵਾਂ, ਪ੍ਰਗਟ ਕਾਲਾਝਾੜ ਤੇ ਗੋਬਿੰਦ ਛਾਜਲੀ ਆਦਿ ਨੇ ਕੀਤੀ।





