ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ

0
108

ਬਰਨਾਲਾ (ਰਾਜਿੰਦਰ ਬਰਾੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ।ਐਸ ਡੀ ਕਾਲਜ ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ।ਉਨ੍ਹਾ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ’ਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।