ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਆਈ ਪੀ ਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਚੰਡੀਗੜ੍ਹ ਦੇ ਸੈਕਟਰ 20 ਸਥਿਤ ਰਵਿਦਾਸ ਭਵਨ ਵਿਚ ਕਿਸਾਨ ਮਹਾ ਪੰਚਾਇਤ ਕੀਤੀ ਗਈ। ਇਸ ਦੌਰਾਨ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਸਹੀ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਗਈ। ਇਸ ਦੇ ਨਾਲ ਹੀ ਮਹਾ ਪੰਚਾਇਤ ਵਿੱਚ ਮੌਜੂਦ ਲੋਕਾਂ ਨੇ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ 48 ਘੰਟਿਆਂ ਵਿੱਚ ਡੀ ਜੀ ਪੀ ਸ਼ਤਰੂਜੀਤ ਕਪੂਰ ਨੂੰ ਅਹੁਦੇ ਤੋਂ ਹਟਾ ਕੇ ਗਿ੍ਰਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਮਾਮਲੇ ਦੀ ਜਾਂਚ ਆਈ ਜੀ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੀ ਥਾਂ ਹਾਈਕੋਰਟ ਦੇ ਜੱਜ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਐਲਾਨ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਸੰਘਰਸ਼ ਜਾਰੀ ਰਹੇਗਾ। ਇਸੇ ਦੌਰਾਨ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਦਰਜ ਕੀਤੀ ਗਈ ਐੱਫ ਆਈ ਆਰ ਵਿੱਚ ਪੁਲਸ ਨੇ ਨਵੀਂ ਧਾਰਾ ਜੋੜੀ ਹੈ। ਪੀੜਤ ਪਰਵਾਰ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਵਿਚ ਐੱਸ ਸੀ/ਐੱਸ ਟੀ ਐਕਟ ਦੀਆਂ ਸੰਬੰਧਤ ਧਾਰਾਵਾਂ ਜੋੜੀਆਂ ਜਾਣ, ਜਿਸ ਤੋਂ ਬਾਅਦ ਪੁਲਸ ਨੇ ਇਹ ਧਾਰਾ ਐੱਫ ਆਈ ਆਰ ਵਿਚ ਦਰਜ ਕਰ ਦਿੱਤੀ ਹੈ। ਦੂਜੇ ਪਾਸੇ ਪੂਰਨ ਕੁਮਾਰ ਦੇ ਪਰਵਾਰ ਨੇ ਹਾਲੇ ਤੱਕ ਪੋਸਟਮਾਰਟਮ ਲਈ ਸਹਿਮਤੀ ਨਹੀਂ ਦਿੱਤੀ ਹੈ। ਪਰਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਹ ਪੋਸਟ ਮਾਰਟਮ ਨਹੀਂ ਕਰਵਾਉਣਗੇ।




