ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦਾ ਇੱਕ ਵਫਦ ਵੀਰਵਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ | ਵਫਦ ਦੀ ਅਗਵਾਈ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ | ਵਫਦ ਵਿੱਚ ਬਸਪਾ ਦੇ ਸੂਬਾ ਕੋਆਰਡੀਨੇਟਰ ਤੇ ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਸੂਬਾ ਕੋਆਰਡੀਨੇਟਰ ਪ੍ਰਜਾਪਤੀ ਅਜੀਤ ਸਿੰਘ ਭੈਣੀ, ਸੂਬਾ ਕੋਆਰਡੀਨੇਟਰ ਤੀਰਥ ਸਿੰਘ ਮਹਿਰਾ ਰਾਜਪੁਰਾ, ਸੂਬਾ ਕੋਆਰਡੀਨੇਟਰ ਚੌਧਰੀ ਗੁਰਨਾਮ ਸਿੰਘ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਮਲ ਸਨ |
ਬਸਪਾ ਆਗੂਆਂ ਨੇ ਰਾਜਪਾਲ ਤੋਂ ਏ ਡੀ ਜੀ ਪੀ ਹਰਿਆਣਾ ਵਾਈ ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਨਿਰਪੱਖ ਉੱਚ ਪੱਧਰੀ ਜਾਂਚ ਤੇ ਪੀੜਤ ਪਰਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ | ਇਸ ਦੇ ਨਾਲ ਹੀ ਵਫਦ ਨੇ ਰਾਜਪਾਲ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਅਨੁਸੂਚਿਤ ਜਾਤੀਆਂ ‘ਤੇ ਅੱਤਿਆਚਾਰ ਦੇ ਮਾਮਲੇ ਸਿਰਫ ਹਰਿਆਣਾ ਵਿੱਚ ਹੀ ਨਹੀਂ, ਬਲਕਿ ਪੰਜਾਬ ਵਿੱਚ ਵੀ ਵੱਡੇ ਪੱਧਰ ‘ਤੇ ਹੋ ਰਹੇ ਹਨ | ਉਸਨੇ ਕਿਹਾ ਕਿ ਆਈ ਪੀ ਐੱਸ ਅਫਸਰ ਦੀ ਮੌਤ ਦੇ ਮਾਮਲੇ ਨੇ ਇਨ੍ਹਾਂ ਅੱਤਿਆਚਾਰਾਂ ਦੇ ਮਾਮਲਿਆਂ ਨੂੰ ਮੁੜ ਉਭਾਰਿਆ ਹੈ | ਇਸ ਕਰਕੇ ਲੋਕਾਂ ਵਿੱਚ ਖਾਸ ਕਰਕੇ ਐੱਸ ਸੀ ਵਰਗ ਵਿੱਚ ਕਾਫੀ ਰੋਸ ਹੈ ਤੇ ਉਹ ਇਨ੍ਹਾਂ ਨੂੰ ਬਰਦਾਸ਼ਤ ਕਰਨ ਵਾਲੇ ਨਹੀਂ ਹਨ |



