ਬਠਿੰਡਾ : ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੋਮਵਾਰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਬਠਿੰਡਾ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ। 2020-21 ਦੇ ਕਿਸਾਨ ਅੰਦੋਲਨ ਦੇ ਪ੍ਰਦਰਸ਼ਨਾਂ ਦੌਰਾਨ ਕਥਿਤ ਤੌਰ ’ਤੇ ਕੀਤੀ ਗਈ ਇੱਕ ਅਪਮਾਨਜਨਕ ਟਿੱਪਣੀ ਦੇ ਸੰਬੰਧ ਵਿੱਚ ਕੰਗਨਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
ਦੁਪਹਿਰ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਕੰਗਨਾ ਨੇ ਮੀਡੀਆ ਨੂੰ ਦੱਸਿਆ, “ਇਹ ਸਿਰਫ ਇੱਕ ਗਲਤਫਹਿਮੀ ਹੈ। ਮੈਂ ਸਿਰਫ ਇੱਕ ਮੀਮ ਨੂੰ ਰੀਟਵੀਟ ਕੀਤਾ ਸੀ ਅਤੇ ਮੇਰਾ ਕਿਸੇ ਨੂੰ ਵੀ ਖਾਸ ਤੌਰ ’ਤੇ ਦੁਖੀ ਕਰਨ ਦਾ ਕੋਈ ਇਰਾਦਾ ਨਹੀਂ ਸੀ। ਮੈਂ ਪਹਿਲਾਂ ਹੀ ਮਹਿੰਦਰ ਕੌਰ ਜੀ ਦੇ ਪਤੀ ਨਾਲ ਗੱਲ ਕਰ ਲਈ ਹੈ ਅਤੇ ਉਨ੍ਹਾ ਤੋਂ ਮੁਆਫੀ ਮੰਗ ਲਈ ਹੈ। ਕਿਸਾਨ ਅੰਦੋਲਨ ਦੌਰਾਨ ਕਈ ਮੀਮ ਘੁੰਮ ਰਹੇ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਮੇਰੇ ਵੱਲੋਂ ਅਣਜਾਣੇ ਵਿੱਚ ਰੀਟਵੀਟ ਹੋ ਗਿਆ ਸੀ।’’
ਸ਼ਿਕਾਇਤਕਰਤਾ ਮਹਿੰਦਰ ਕੌਰ ਦੇ ਵਕੀਲ ਐਡਵੋਕੇਟ ਰਘਬੀਰ ਸਿੰਘ ਬਹਿਨੀਵਾਲ ਨੇ ਕੰਗਨਾ ਦੇ ਦਾਅਵੇ ਦਾ ਵਿਰੋਧ ਕਰਦਿਆਂ ਕਿਹਾ, “ਕੰਗਨਾ ਰਣੌਤ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ ਗਲਤੀ ਨਾਲ ਰੀਟਵੀਟ ਕੀਤਾ ਸੀ ਅਤੇ ਕਿਸੇ ਨੂੰ ਨਿਸ਼ਾਨਾ ਨਹੀਂ ਬਣਾਇਆ ਸੀ, ਪਰ ਮੇਰੇ ਮੁਵੱਕਿਲ ਦੇ ਪਤੀ ਲਾਭ ਸਿੰਘ ਨੇ ਕਿਹਾ ਹੈ ਕਿ ਉਨ੍ਹਾ ਨੇ ਪਹਿਲਾਂ ਕਦੇ ਮੁਆਫੀ ਨਹੀਂ ਮੰਗੀ। ਕੰਗਨਾ ਨੇ ਸੁਰੱਖਿਆ ਕਾਰਨਾਂ ਕਰਕੇ ਨਿੱਜੀ ਪੇਸ਼ੀ ਤੋਂ ਸਥਾਈ ਛੋਟ ਦੀ ਮੰਗ ਕਰਦੇ ਹੋਏ ਇੱਕ ਅਰਜ਼ੀ ਵੀ ਦਾਖਲ ਕੀਤੀ, ਜਿਸ ਦਾ ਅਸੀਂ ਵਿਰੋਧ ਕੀਤਾ।’’
ਇਸ ਕੇਸ ਨੂੰ ਹੁਣ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ਤੋਂ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਸਪੈਸ਼ਲ ਕੋਰਟ) ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਅਗਲੀ ਸੁਣਵਾਈ 24 ਨਵੰਬਰ ਲਈ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਕੇਸ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੰਗਨਾ ਦੇ ਇੱਕ ਟਵੀਟ ਨਾਲ ਸੰਬੰਧਤ ਹੈ, ਜਿਸ ਵਿੱਚ ਉਸ ਨੇ ਬਹਾਦਰਗੜ੍ਹ ਜੰਡੀਆਂ ਪਿੰਡ ਦੀ ਇੱਕ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ ਦੀ ਤਸਵੀਰ ਸਾਂਝੀ ਕੀਤੀ ਸੀ ਅਤੇ ਉਸ ਦੀ ਤੁਲਨਾ ਸ਼ਾਹੀਨ ਬਾਗ ਪ੍ਰਦਰਸ਼ਨਾਂ ਦੀ ਬਜ਼ੁਰਗ ਔਰਤ ਬਿਲਕਿਸ ਬਾਨੋ ਨਾਲ ਕੀਤੀ ਸੀ। ਕੰਗਨਾ ਨੇ ਕਥਿਤ ਤੌਰ ’ਤੇ ਦਾਅਵਾ ਕੀਤਾ ਸੀ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ 100 ਰੁਪਏ ਵਿੱਚ ਉਪਲੱਬਧ ਹਨ। ਇਸ ਟਿੱਪਣੀ ’ਤੇ ਵਿਆਪਕ ਆਲੋਚਨਾ ਹੋਈ ਸੀ, ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਜਨਵਰੀ 2021 ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਇਸ ਨਾਲ ਉਸ ਦੀ ਸਾਖ ਨੂੰ ਢਾਹ ਲੱਗੀ ਹੈ। ਸੁਰੱਖਿਆ ਕਾਰਨਾਂ ਕਰਕੇ ਕੋਰਟ ਕੰਪਲੈਕਸ ਦੇ ਅੰਦਰ ਤੇ ਬਾਹਰ ਸਖਤ ਘੇਰਾਬੰਦੀ ਸੀ।





