ਪਹਿਲੀ ਵਾਰ ਪੁਲਸ ਮੁਲਾਜ਼ਮਾਂ ਦੀ ਗਿਣਤੀ ਲੱਖ ਤੋਂ ਪਾਰ ਹੋਵੇਗੀ : ਮਾਨ

0
83

ਪਟਿਆਲਾ (ਰਾਜਿੰਦਰ ਸਿੰਘ ਥਿੰਦ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ, ਕਿਉਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਪੰਜਾਬ ਪੁਲਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਸ ਦੀ ਗਿਣਤੀ 80,000 ਸੀ, ਜੋ ਅੱਜ ਵੀ ਲਗਭਗ ਓਨੀ ਹੀ ਹੈ। ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ, ਕਿਉਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ’ਤੇ ਭਰਤੀ ਮੁਹਿੰਮਾਂ ਜਾਰੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇੱਕ ਨਵੀਂ ਅਤੇ ਮਹੱਤਵਪੂਰਨ ਪਹਿਲਕਦਮੀ ਤਹਿਤ ਇਸ ਛੇ ਦਿਨਾਂ ਸਿਖਲਾਈ ਵਰਕਸ਼ਾਪ ਵਿੱਚ ਕੁੱਲ 730 ਜਾਂਚ ਅਧਿਕਾਰੀ ਹਿੱਸਾ ਲੈਣਗੇ। ਉਨ੍ਹਾ ਕਿਹਾ ਕਿ ਐੱਨ ਡੀ ਪੀ ਐੱਸ ਐਕਟ ਤਹਿਤ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਜਦੋਂ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਜਾਂਦਾ ਸੀ ਤਾਂ ਉਹ ਅਕਸਰ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਉਨ੍ਹਾ ਕਿਹਾ ਕਿ ਇਸੇ ਤਰ੍ਹਾਂ ਪਹਿਲਾਂ ਸਿਆਸੀ ਦਖਲਅੰਦਾਜ਼ੀ ਵੀ ਕਾਫੀ ਜ਼ਿਆਦਾ ਹੁੰਦੀ ਸੀ, ਜਿਸ ਨਾਲ ਤਸਕਰਾਂ ਨੂੰ ਰਿਹਾਅ ਹੋਣ ਵਿੱਚ ਮਦਦ ਮਿਲਦੀ ਸੀ, ਪਰ ਹੁਣ ਅਜਿਹੀ ਕਿਸੇ ਵੀ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ।