ਡੀ ਜੀ ਪੀ ਤੇ ਹੋਰਨਾਂ ’ਤੇ 2 ਲੱਖ ਦਾ ਜੁਰਮਾਨਾ!

0
94

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਮੋਡੀਫਾਈਡ ਵਾਹਨਾਂ ਵਿਰੁੱਧ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਪੰਜਾਬ ਦੇ 4 ਸੀਨੀਅਰ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ।
ਡੀ ਜੀ ਪੀ ਗੌਰਵ ਯਾਦਵ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਸਕੱਤਰ ਪ੍ਰਦੀਪ ਕੁਮਾਰ (ਆਈ ਏ ਐੱਸ), ਸਟੇਟ ਟਰਾਂਸਪੋਰਟ ਕਮਿਸ਼ਨਰ ਮਨੀਸ਼ ਕੁਮਾਰ (ਆਈ ਏ ਐੱਸ) ਅਤੇ ਸੰਗਰੂਰ ਦੇ ਡੀ ਸੀ ਜਤਿੰਦਰ ਜੋਰਵਾਲ (ਆਈ ਏ ਐੱਸ) ਨੂੰ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਧਿਕਾਰੀਆਂ ਦੀਆਂ ਤਨਖਾਹਾਂ ਤੋਂ ਵਸੂਲਿਆ ਜਾਵੇਗਾ ਅਤੇ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕੀਤਾ ਜਾਵੇਗਾ। ਜਸਟਿਸ ਸੁਦਾਪਤੀ ਸ਼ਰਮਾ ਨੇ ਇਹ ਹੁਕਮ ਸ਼ਹੀਦ ਭਗਤ ਸਿੰਘ ਮਿੰਨੀ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਦਾਇਰ ਇੱਕ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਜਾਰੀ ਕੀਤਾ। ਇਹ ਮਾਣਹਾਨੀ ਪਟੀਸ਼ਨ 20 ਸਤੰਬਰ, 2023 ਦੇ ਹਾਈ ਕੋਰਟ ਦੇ ਹੁਕਮ ਦੀ ਉਲੰਘਣਾ ਨਾਲ ਸੰਬੰਧਤ ਹੈ, ਜਿਸ ਵਿੱਚ ਮੋਟਰ ਵਹੀਕਲ ਐਕਟ 1988 ਦੇ ਤਹਿਤ ਗੈਰ-ਕਾਨੂੰਨੀ ਤੌਰ ’ਤੇ ਸੋਧੇ ਗਏ ਵਾਹਨਾਂ ਵਿਰੁੱਧ ਪ੍ਰਭਾਵਸ਼ਾਲੀ ਅਤੇ ਨਿਯਮਤ ਕਾਰਵਾਈ ਦਾ ਨਿਰਦੇਸ਼ ਦਿੱਤਾ ਗਿਆ ਸੀ। ਹਾਈ ਕੋਰਟ ਨੇ ਸਪੱਸ਼ਟ ਤੌਰ ’ਤੇ ਨਿਰਦੇਸ਼ ਦਿੱਤਾ ਕਿ 2,00,000 ਲੱਖ ਰੁਪਏ ਦਾ ਜੁਰਮਾਨਾ ਅਧਿਕਾਰੀਆਂ ਦੀਆਂ ਤਨਖਾਹਾਂ ਵਿੱਚੋਂ ਬਰਾਬਰ ਹਿੱਸਿਆਂ ਵਿੱਚ ਕੱਟਿਆ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਹੋਵੇਗੀ।