ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਗਲਵਾਰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਲੁਧਿਆਣਾ ਨਾਰਥ ਨਵੀਂ ਸਬ-ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਲਏ ਹੋਰ ਫੈਸਲਿਆਂ ਵਿਚ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਿਯਮ ਅਨੁਸਾਰ ਪੰਜਾਬ ਵਿੱਚ ਨਵੀਆਂ ਬਣਾਈਆਂ ਜਾਣ ਵਾਲੀਆਂ ਕਲੋਨੀਆਂ ਵਿੱਚ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਲਈ ਵਿਭਾਗ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਲਈ ਆਰਕੀਟੈਕਟ ਦਾ ਸਰਟੀਫਿਕੇਟ ਹੀ ਕਾਫ਼ੀ ਹੋਵੇਗਾ।
ਮੰਤਰੀ ਮੰਡਲ ਨੇ ਪੰਜਾਬ ਸਪੋਰਟਸ ਮੈਡੀਸਨ ਕਾਡਰ ਵਿੱਚ 100 ਦੇ ਕਰੀਬ ਨਵੀਂਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ’ਤੇ ਭਰੀਆਂ ਜਾਣਗੀਆਂ। ਇਸ ਵਿੱਚ ਗਰੁੱਪ-ਏ ਦੀਆਂ 14, ਗਰੁੱਪ-ਬੀ ਦੀਆਂ 16 ਅਤੇ ਗਰੁੱਪ-ਸੀ ਦੀਆਂ 80 ਦੇ ਕਰੀਬ ਅਸਾਮੀਆਂ ਭਰੀਆਂ ਜਾਣਗੀਆਂ। ਮੰਤਰੀ ਮੰਡਲ ਨੇ ਕੇਂਦਰ ਸਰਕਾਰ ਵੱਲੋਂ ਡੇਰਾ ਬੱਸੀ ਵਿੱਚ 100 ਬੈੱਡਾਂ ਦਾ ਈ ਐੱਸ ਆਈ ਹਸਪਤਾਲ ਬਣਾਉਣ ਲਈ 4 ਏਕੜ ਜ਼ਮੀਨ ਮੁਹੱਈਆ ਕਰਵਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਵੱਲੋਂ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਲਈ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਸੋਧ ਅਨੁਸਾਰ ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਮੁਹੱਈਆ ਕਰਵਾਈ ਜਾਣ ਵਾਲੀਆਂ ਦਵਾਈਆਂ ਦੀ ਦੇਖ-ਰੇਖ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।





