‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ

0
101

ਧੂਰੀ (ਮਨੋਹਰ ਸਿੰਘ ਸੱਗੂ, ਮੋਹਿਤ ਗਰਗ, ਬਿੰਨੀ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ।ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ, ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਤਰਾ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ 16 ਹਜ਼ਾਰ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮਿ੍ਰਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਇਸ ਸਕੀਮ ਅਧੀਨ ਨਾਗਰਿਕ ਪੰਜਾਬ ਵਿੱਚ ਅਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਦੇ ਮਾਤਾ ਨੈਣਾ ਦੇਵੀ ਮੰਦਰ ਵਰਗੀਆਂ ਪਵਿੱਤਰ ਥਾਵਾਂ ਦੇ ਦਰਸ਼ਨ ਵੀ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਹੋਰ ਹਾਜ਼ਰ ਸਨ।