ਨਾਲੰਦਾ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ, ਜਿਸ ਵਿੱਚ ਅਮਰੀਕਾ ਨੇ ਭਾਰਤ-ਪਾਕਿਸਤਾਨ ਸੰਘਰਸ਼ ਨੂੰ ਰੋਕਣ ਦਾ ਦਾਅਵਾ ਕੀਤਾ ਸੀ। ਨਾਲੰਦਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਦੋਸ਼ ਲਾਇਆ ਕਿ ਬਿਹਾਰ ਹੁਣ ਪੇਪਰ ਲੀਕ ਅਤੇ ਮਾੜੇ ਸਿਹਤ ਢਾਂਚੇ ਦਾ ਪ੍ਰਤੀਕ ਬਣ ਕੇ ਰਹਿ ਗਿਆ ਹੈ। ਉਨ੍ਹਾ ਜ਼ੋਰ ਦੇ ਕੇ ਕਿਹਾ, ‘ਅਮਰੀਕੀ ਰਾਸ਼ਟਰਪਤੀ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਕਰਕੇ ਹੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਘਰਸ਼ ਰੁਕਿਆ… ਪਰ, ਸਾਡੇ ਪ੍ਰਧਾਨ ਮੰਤਰੀ ਵਿੱਚ ਉਨ੍ਹਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ।’
ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਟਿੱਪਣੀਆਂ ਕਿ ‘ਬਿਹਾਰ ਵਿੱਚ ਕੋਈ ਜ਼ਮੀਨ ਉਪਲੱਬਧ ਨਹੀਂ ਹੈ’ ਦੀ ਆਲੋਚਨਾ ਕਰਦਿਆਂ, ਗਾਂਧੀ ਨੇ ਦੋਸ਼ ਲਾਇਆ ਕਿ ਰਾਜ ਸਰਕਾਰ ਵੱਲੋਂ ਇੱਕ ਉਦਯੋਗਿਕ ਘਰਾਣੇ ਨੂੰ ਕੌਡੀਆਂ ਦੇ ਭਾਅ ਪਲਾਟ ਦਿੱਤੇ ਗਏ। ਗਾਂਧੀ ਨੇ ਦਾਅਵਾ ਕੀਤਾ, ‘‘ਅੱੈਨ ਡੀ ਏ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ‘ਵੋਟ ਚੋਰੀ’ ਰਾਹੀਂ ਸਰਕਾਰ ਬਣਾਈ।
ਐੱਨ ਡੀ ਏ ਅਤੇ ਪ੍ਰਧਾਨ ਮੰਤਰੀ ਭੀਮ ਰਾਓ ਅੰਬੇਡਕਰ ਵੱਲੋਂ ਤਿਆਰ ਕੀਤੇ ਗਏ ਸੰਵਿਧਾਨ ਨੂੰ ਤਬਾਹ ਕਰਨ ’ਤੇ ਤੁਲੇ ਹੋਏ ਹਨ।’’ ਕਾਂਗਰਸ ਨੇਤਾ ਨੇ ਕਿਹਾ ਕਿ ਜੇ ਬਿਹਾਰ ‘ਇੰਡੀਆ’ ਗਠਜੋੜ ਨੂੰ ਸੱਤਾ ਵਿੱਚ ਲਿਆਉਂਦਾ ਹੈ ਤਾਂ ਇਹ ਕਿਸਾਨਾਂ, ਮਜ਼ਦੂਰਾਂ, ਦਲਿਤਾਂ ਅਤੇ ਕਮਜ਼ੋਰ ਵਰਗਾਂ ਦੀ ਸਰਕਾਰ ਹੋਵੇਗੀ, ਜਿਸ ਵਿੱਚ ਸਾਰੇ ਭਾਈਚਾਰਿਆਂ ਦੀ ਪ੍ਰਤੀਨਿਧਤਾ ਹੋਵੇਗੀ।

