ਰਾਜਕੋਟ (ਗੁਜਰਾਤ)/ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ।ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰ. ਵੱਲਭ ਭਾਈ ਪਟੇਲ ਦੀ ਜਨਮ ਭੂਮੀ ’ਤੇ ਭਾਜਪਾ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਜਪਾ ਸਰਕਾਰ ਵੱਲੋਂ ਗਿ੍ਰਫ਼ਤਾਰ ਕੀਤੇ 85 ਕਿਸਾਨਾਂ ਦੇ ਪਰਵਾਰਾਂ ਨੂੰ ਸਨਮਾਨਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਕੌਮੀ ਖੁਰਾਕ ਪੂਲ ਵਿੱਚ 180 ਲੱਖ ਮੀਟਰਿਕ ਟਨ ਝੋਨੇ ਅਤੇ 150 ਲੱਖ ਮੀਟਰਿਕ ਟਨ ਕਣਕ ਦਾ ਯੋਗਦਾਨ ਪਾਉਦਾ ਹੈ। ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਬਾਰਿਸ਼ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਇੱਕ ਪੈਸਾ ਵੀ ਨਹੀਂ ਦਿੱਤਾ। ਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦੋਂ ਕਿ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਹੈ।





