ਪੀ ਯੂ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਵਿਰੁੱਧ ਤਿੰਨ ਖੱਬੀਆਂ ਪਾਰਟੀਆਂ ਵੱਲੋਂ ਅੰਦੋਲਨ ਦਾ ਐਲਾਨ

0
89

ਜਲੰਧਰ : ਪੰਜਾਬ ਦੀਆਂ ਤਿੰਨ ਖੱਬੀਆਂ ਧਿਰਾਂ ਸੀ ਪੀ ਆਈ, ਸੀ ਪੀ ਆਈ (ਐੱਮ) ਅਤੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਨੇ ਮੋਦੀ ਸਰਕਾਰ ਵੱਲਂੋ ਪੰਜਾਬ ਯੂਨੀਵਰਿਸਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਤੋਂ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਇਸ ਦੇ ਵਿਰੋਧ ਵਿੱਚ 4 ਤੋਂ 11 ਨਵੰਬਰ ਤੱਕ ਰੋਸ ਪ੍ਰਦਰਸ਼ਨ ਕਰਨ ਅਤੇ ਡੀ ਸੀਜ਼ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜੇ ਜਾਣ ਦਾ ਐਲਾਨ ਕੀਤਾ ਹੈ।ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਇਨ੍ਹਾਂ ਧਿਰਾਂ ਦੇ ਕ੍ਰਮਵਾਰ ਸਕੱਤਰ ਬੰਤ ਸਿੰਘ ਬਰਾੜ, ਸੁਖਵਿੰਦਰ ਸਿੰਘ ਸੇਖੋਂ ਅਤੇ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਕੇਂਦਰ ਦੀ ਹਰ ਸਰਕਾਰ ਨੇ ਪੰਜਾਬ ਨਾਲ ਹਰ ਪੱਖੋਂ ਧੱਕਾ ਕੀਤਾ ਹੈ, ਜਿਸ ਕਾਰਨ 59 ਸਾਲ ਬਾਅਦ ਵੀ ਪੰਜਾਬ ਲਈ ਬਣਾਈ ਗਈ ਰਾਜਧਾਨੀ ਚੰਡੀਗੜ੍ਹ ਪੰਜਾਬ ਹਵਾਲੇ ਨਹੀ ਕੀਤੀ ਗਈ, ਉਲਟਾ ਮੋਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਦੀ ਰਾਜਧਾਨੀ ਪੰਜਾਬੀਆਂ ਤੋਂ ਖੋਹਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ, ਪਹਿਲਾਂ ਮਿਥ ਕੇ ਚੰਡੀਗੜ੍ਹ ਅੰਦਰ ਪੰਜਾਬੀ ਭਾਸ਼ਾ ਦਾ ਭੋਗ ਪਾਇਆ ਗਿਆ, ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਸਕੇਲ ਵਿੱਚ ਸ਼ਾਮਲ ਕੀਤਾ ਗਿਆ, ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੀ ਅਫਸਰਾਂ ਦੀ 60/40 ਦੀ ਰੇਸ਼ੋ ਨੂੰ ਖਤਮ ਕਰਨ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੱਖਰਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਹੁਣ ਪੰਜਾਬ ਯੂਨੀਵਰਿਸਟੀ ਨੂੰ ਕੇਂਦਰ ਸਰਕਾਰ ਵੱਲੋਂ ਆਪਣੇ ਕਬਜ਼ੇ ਵਿੱਚ ਲੈਣ ਦਾ ਹੱਲਾ ਬੋਲ ਦਿੱਤਾ ਗਿਆ ਹੈ। ਯੂਨੀਵਰਸਿਟੀ ਨੂੰ ਮੋਦੀ ਸਰਕਾਰ ਵੱਲੋਂ ਆਪਣੇ ਕਬਜ਼ੇ ਵਿੱਚ ਲੈਣਾ ਸਧਾਰਨ ਘਟਨਾ ਨਹੀਂ, ਸਗੋਂ ਆਰ ਐੱਸ ਐੱਸ ਵੱਲੋਂ ਦੇਸ਼ ਦੀਆ ਕੁਲ ਯੂਨੀਵਰਿਸਟੀਆ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਵਿਦਿਆ ਦਾ ਭਗਵਾਂ ਕਰਨ ਕਰਨ ਦੀ ਨੀਤੀ ਦਾ ਹਿੱਸਾ ਹੈ। ਮੋਦੀ ਸਰਕਾਰ ਦੇ ਇਹ ਸਾਰੇ ਕਦਮ ਸੰਵਿਧਾਨ ਦੇ ਸੰਘੀ ਢਾਂਚੇ ਦੀ ਘੋਰ ਉਲੰਘਣਾ ਵਾਲੇ ਹਨ। ਖੱਬੇ-ਪੱਖੀ ਆਗੂਆਂ ਨੇ ਯੂਨੀਵਰਿਸਟੀ ਦੀ ਵਿਦਿਅਆਰਥੀ ਕੌਂਸਲ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਪੰਜਾਬੀ ਚੁੱਪਚਾਪ ਬਰਦਾਸ਼ਤ ਨਹੀ ਕਰਨਗੇ ਤੇ ਹਰ ਪੱਧਰ ’ਤੇ ਇਸ ਦਾ ਵਿਰੋਧ ਕੀਤਾ ਜਾਵੇਗਾ।