ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸੰਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਮੁੜ ਸਭ ਦੇ ਸਾਹਮਣੇ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਦੇਸ਼ ਦੇ ਲੋਕਾਂ ਦੇ ਨਾਂਅ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਏਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਲੋਕ ਸਭਾ ਅਤੇ ਕਿਸੇ ਵੀ ਸੂਬੇ ਦੀ ਵਿਧਾਨ ਸਭਾ ਵੱਲੋਂ ਬਣਾਏ ਗਏ ਐਕਟ ਨੂੰ ਇੱਕ ਨੋਟੀਫਿਕੇਸ਼ਨ ਰਾਹੀਂ ਰੱਦ ਨਹੀਂ ਕੀਤਾ ਜਾ ਸਕਦਾ, ਪਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਮਸਲੇ ਵਿੱਚ ਅਜਿਹੀ ਧੱਕੇਸ਼ਾਹੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਬੀ ਬੀ ਐੱਮ ਬੀ ਦੇ ਮੁੱਦੇ ’ਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਇਆ ਗਿਆ। ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵੀ ਪੰਜਾਬ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਵਿਚ ਕੁੜੀਆਂ ਦਾ ਹੋਸਟਲ ਬਣਾਉਣ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕਰੇਗੀ।




