23.9 C
Jalandhar
Sunday, October 1, 2023
spot_img

ਸਾਡੇ ਵਿਧਾਇਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ : ਚੀਮਾ

ਚੰਡੀਗੜ੍ਹ (ਗੁਰਜੀਤ ਬਿੱਲਾ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਅਤੇ ਇਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਨ੍ਹਾਂ ਵਿਧਾਇਕਾਂ ’ਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੂਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੇ ਅਤੇ ਬਲਜਿੰਦਰ ਕੌਰ ਸ਼ਾਮਲ ਹਨ। ਚੀਮਾ ‘ਆਪ’ ਦੇ ਇਕ ਦਰਜਨ ਵਿਧਾਇਕਾਂ ਨੂੰ ਨਾਲ ਲੈ ਕੇ ਬੁੱਧਵਾਰ ਡੀ ਜੀ ਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ’ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ’ਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ’ਚ ਵੀ ਅਜਿਹੀ ਕੋਸ਼ਿਸ਼ ਕਰ ਰਹੀ ਹੈ। ਚੀਮਾ, ਜਿਨ੍ਹਾ ਨਾਲ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੀ ਸਨ, ਨੇ ਦੋਸ਼ ਲਾਇਆ ਕਿ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਤਾਂ ਮੰਗਲਵਾਰ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਉਹ ਇਕੱਲੇ ਨਹੀਂ ਹਨ, ਕੁਝ ਹੋਰਨਾਂ ਵਿਧਾਇਕਾਂ ਨੂੰ ਭਾਜਪਾ ਦੇ ਏਜੰਟਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਨ੍ਹਾ ਦੋਸ਼ ਲਾਇਆ ਕਿ ਭਾਜਪਾ ਨੇ ‘ਆਪ’ ਦੇ 35 ਵਿਧਾਇਕਾਂ ਤੱਕ ਪਹੁੰਚ ਕੀਤੀ ਤੇ ਇਨ੍ਹਾਂ ਵਿੱਚੋਂ 10 ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਚੀਮਾ ਨੇ ਬੁੱਧਵਾਰ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੂਰਵਰਤੋਂ ਕਰਕੇ ਅਤੇ ਪੈਸੇ ਦੇ ਕੇ ਵੱਖ-ਵੱਖ ਰਾਜਾਂ ਵਿੱਚ ਲੋਕਾਂ ਦੇ ਫ਼ਤਵੇ ਅਨੁਸਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਢਹਿ-ਢੇਰੀ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ ਅਤੇ ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ‘ਆਪ’ ਦੇ ਕੱਟੜ ਸਿਪਾਹੀਆਂ ਨੇ ਭਾਜਪਾ ਨੂੰ ਨਾਕਾਮ ਕਰ ਦਿੱਤਾ ਹੈ।ਚੀਮਾ ਨੇ ਕਿਹਾ ਕਿ ਭਾਜਪਾ ਦੀਆਂ ਨਾਪਾਕ ਚਾਲਾਂ ਦਾ ਪਰਦਾ ਫਾਸ਼ ਕਰਨ ਲਈ ਉਨ੍ਹਾ ‘ਆਪ’ ਵਿਧਾਇਕਾਂ ਨਾਲ ਮਿਲ ਕੇ ਇਸ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਲਈ ਡੀ ਜੀ ਪੀ ਗੌਰਵ ਯਾਦਵ ਨੂੰ ਸਬੂਤਾਂ ਸਮੇਤ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।
ਉਨ੍ਹਾ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਭਾਜਪਾ ਵਰਕਰਾਂ ਅਤੇ ਏਜੰਟਾਂ ਨੇ ਪੰਜਾਬ ਵਿੱਚ ਸਰਕਾਰ ਡੇਗਣ ਲਈ ‘ਆਪ’ ਦੇ 35 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਉਹਨਾ ਕਿਹਾ ਕਿ ਅਪ੍ਰੇਸ਼ਨ ਲੋਟਸ ਰਾਹੀਂ ਅੱਜ ਹੀ ਕਾਂਗਰਸ ਦੇ ਅੱਠ ਵਿਧਾਇਕ ਵਿਕ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਭਾਜਪਾ ਲੋਕਤੰਤਰ ਦਾ ਕਤਲ ਕਰ ਰਹੀ ਹੈ ਅਤੇ ਗੈਰ-ਸੱਤਾਧਾਰੀ ਭਾਜਪਾ ਰਾਜਾਂ ਵਿੱਚ ਸੀ ਬੀ ਆਈ, ਈ ਡੀ ਅਤੇ ਪੈਸੇ ਦੀ ਮਦਦ ਨਾਲ ਵਿਧਾਇਕਾਂ ਨੂੰ ਤੋੜ ਕੇ ਆਪਣੀ ਸਰਕਾਰ ਬਣਾ ਰਹੀ ਹੈ। ਉਨ੍ਹਾ ਦੁਹਰਾਇਆ ਕਿ ਭਾਜਪਾ ਪੰਜਾਬ ਵਿੱਚ ਆਪਣੇ ਕੋਝੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ, ਭਾਵੇਂ ਉਹ 25 ਦੀ ਥਾਂ 2500 ਕਰੋੜ ਰੁਪਏ ਦੀ ਪੇਸ਼ਕਸ਼ ਕਰ ਦੇਵੇ, ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੇ ਵਫਾਦਾਰ ਸਿਪਾਹੀ ਚੱਟਾਨ ਵਾਂਗ ਖੜ੍ਹੇ ਹਨ। ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਦਿਨੇਸ਼ ਚੱਢਾ, ਰਮਨ ਅਰੋੜਾ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸੀਤਲ ਅੰਗੁਰਾਲ ਅਤੇ ਲਾਭ ਸਿੰਘ ਉਗੋਕੇ ਹਾਜ਼ਰ ਸਨ। ਇਕ ਹੋਰ ਪ੍ਰੈੱਸ ਕਾਨਫਰੰਸ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਕੋਈ ਸਿਆਸੀ ਪਾਰਟੀ ਨਹੀਂ, ਸਗੋਂ ਇਕ ਪਰਵਾਰ ਹੈ। ਅਸੀਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਰਾਜਨੀਤਕ ਪ੍ਰਣਾਲੀ ਵਿੱਚ ਸੁਧਾਰ ਕਰਕੇ ਦੇਸ਼ ਵਿੱਚ ਤਬਦੀਲੀ ਲਿਆਉਣ ਲਈ ਸਮਰਪਿਤ ਹੋ ਕੇ ਕੰਮ ਕਰ ਰਹੇ ਹਾਂ। ਸਾਡੇ ਵਿਧਾਇਕ ਭਾਜਪਾ ਦੀਆਂ ਇਨ੍ਹਾਂ ਖੋਖਲੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ। ਉਨ੍ਹਾ ਭਰੋਸਾ ਜਤਾਇਆ ਕਿ 25 ਕਰੋੜ ਤਾਂ ਕੀ ਭਾਜਪਾ 50 ਕਰੋੜ ਦੀ ਪੇਸ਼ਕਸ਼ ਵੀ ਕਰੇ ਤਾਂ ਵੀ ਆਪ ਦਾ ਕੋਈ ਆਗੂ ਦਲ ਨਹੀਂ ਬਦਲੇਗਾ। ਵੱਖਰੀ ਪ੍ਰੈੱਸ ਕਾਨਫਰੰਸ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਖਰੀਦੋ-ਫਰੋਖਤ ਦੀ ਰਾਜਨੀਤੀ ਕਰਕੇ ਦੇਸ਼ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰ ਰਹੀ ਹੈ। ਆਸਾਮ ਦੇ ਮੌਜੂਦਾ ਮੁੱਖ ਮੰਤਰੀ ਹੇਮੰਤ ਵਿਸਵ ਸਰਮਾ, ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਦੀ ਉਦਾਹਰਣ ਦਿੰਦੇ ਹੋਏ ਆਪ ਆਗੂ ਨੇ ਕਿਹਾ ਕਿ ਇਸੇ ਤਰ੍ਹਾਂ ਇਨ੍ਹਾਂ ਆਗੂਆਂ ਨੂੰ ਈ ਡੀ ਦਾ ਡਰ ਦਿਖਾ ਕਿ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਅਜੀਤ ਪਵਾਰ ’ਤੇ ਦਰਜਨਾਂ ਕੇਸ ਚੱਲ ਰਹੇ ਸਨ, ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾ ਦਾ ਪੂਰਾ ਮਾਮਲਾ 3 ਦਿਨਾਂ ’ਚ ਹੀ ਖਤਮ ਹੋ ਗਿਆ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਵਿੱਚ ਵੀ ਤੇਲਗੂ ਦੇਸਮ ਪਾਰਟੀ ਦੇ ਦੋ ਸੰਸਦ ਮੈਂਬਰਾਂ ਨੂੰ ਈ ਡੀ, ਸੀ ਬੀ ਆਈ ਦਾ ਡਰ ਦਿਖਾ ਕੇ ਪਾਰਟੀ ਵਿੱਚ ਲਿਆਂਦਾ ਗਿਆ ਅਤੇ ਗੋਆ ਵਿੱਚ, ਜਿੱਥੇ ਕਾਂਗਰਸ ਦੇ 11 ਵਿੱਚੋਂ 8 ਵਿਧਾਇਕਾਂ ਨੂੰ ਤੋੜ ਕੇ ਭਾਜਪਾ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲਿਆ, ਵੀ ਸਭ ਦੇ ਸਾਹਮਣੇ ਹੈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਅਤੇ ਕਾਂਗਰਸ ’ਤੇ ਹਮਲਾ ਬੋਲਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪਿ੍ਰਅਤਾ ਤੋਂ ਬੇਚੈਨ ਹਨ ਅਤੇ ਉਨ੍ਹਾ ਨੂੰ ਕਿਸੇ ਨਾ ਕਿਸੇ ਤਰੀਕੇ ਰੋਕਣਾ ਚਾਹੁੰਦੀਆਂ ਹਨ। ਉਨ੍ਹਾ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਭਰ ’ਚ ਕਾਂਗਰਸੀ ਵਿਧਾਇਕ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਨੂੰ ਵੇਚ ਕੇ ਲਗਾਤਾਰ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਕਾਂਗਰਸ ਪਾਰਟੀ ਇੱਕ ਮਰੀ ਹੋਈ ਪਾਰਟੀ ਹੈ ਅਤੇ ਰਾਹੁਲ ਗਾਂਧੀ ਇੱਕ ਅਸਫਲ ਨੇਤਾ ਹੈ। ਉਹ ਭਾਜਪਾ ਅਤੇ ਨਰਿੰਦਰ ਮੋਦੀ ਦਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਭਾਜਪਾ ਹੁਣ ਕੇਜਰੀਵਾਲ ਅਤੇ ‘ਆਪ’ ਨੂੰ ਰੋਕਣ ਲਈ ਜ਼ੋਰ ਲਾ ਰਹੀ ਹੈ। ਭਾਜਪਾ ਨੇ ਦੇਸ਼ ਦੇ ਕਈ ਰਾਜਾਂ ਵਿੱਚ ਸਰਕਾਰਾਂ ਡੇਗਣ ਦੇ ਆਪਣੇ ਏਜੰਡੇ ਨੂੰ ਪੂਰਾ ਕਰ ਲਿਆ ਹੈ, ਪਰ ‘ਆਪ’ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ਵੀ ਉਨ੍ਹਾਂ ਦੇ ‘ਅਪ੍ਰੇਸ਼ਨ ਲੋਟਸ’ ਨੂੰ ਬੁਰੀ ਤਰ੍ਹਾਂ ਫੇਲ੍ਹ ਕਰ ਦਿੱਤਾ ਹੈ। ਕੰਗ ਨੇ ਕਿਹਾਅਸੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸੱਚੇ ਸਿਪਾਹੀ ਹਾਂ। ਅਸੀਂ ਲੋਕਤੰਤਰ ਦੀ ਰਾਖੀ ਕਰ ਰਹੇ ਹਾਂ। ਅਸੀਂ ਨਾ ਵਿਕਣ ਵਾਲੇ ਹਾਂ ਅਤੇ ਨਾ ਹੀ ਭਾਜਪਾ ਤੋਂ ਡਰਨ ਵਾਲੇ ਹਾਂ। ‘ਆਪ’ ਆਗੂ ਵਫਾਦਾਰ ਹਨ ਅਤੇ ਸਿਰਫ ਜਨਤਾ ਦੀ ਭਲਾਈ ਲਈ ਕੰਮ ਕਰ ਰਹੇ ਹਨ।

Related Articles

LEAVE A REPLY

Please enter your comment!
Please enter your name here

Latest Articles