ਕੇਂਦਰ ਪੰਜਾਬ ਦੇ ਮਸਲਿਆਂ ’ਚ ਦਖ਼ਲ ਦੇਣੋਂ ਬਾਜ਼ ਆਵੇ : ਭਗਵੰਤ ਮਾਨ

0
121

ਅੰਮਿ੍ਰਤਸਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਮਾਨ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਭਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤੱਕ 58962 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ, ਜੋ ਆਪਣੇ ਆਪ ਵਿੱਚ ਰਿਕਾਰਡ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੀ ਐੱਸ ਪੀ ਸੀ ਐੱਲ ਅਤੇ ਪੀ ਐੱਸ ਟੀ ਸੀ ਅੱੈਲ ਵਿੱਚ 2023 ਲਾਈਨਮੈਨ, 48 ਇੰਟਰਨਲ ਆਡੀਟਰਜ਼ ਅਤੇ 35 ਰੈਵੇਨਿਊ ਅਕਾਊਂਟੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।ਉਨ੍ਹਾ ਦੱਸਿਆ ਕਿ ਅਪਰੈਲ 2022 ਤੋਂ ਹੁਣ ਤੱਕ ਇਨ੍ਹਾਂ ਦੋਵਾਂ ਨਿਗਮਾਂ ਵਿੱਚ 8984 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ।ਪੰਜਾਬ ਨੂੰ ਕਰਜ਼ੇ ਵਿੱਚ ਡੋਬਣ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਵਿਰਾਸਤ ਵਿੱਚ ਪੌਣੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਮਿਲਿਆ ਹੈ, ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਵਿਕਾਸ ਲਈ ਕੋਈ ਪੈਸਾ ਨਹੀਂ ਲੱਗਾ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਇਕ-ਇਕ ਪੈਸਾ ਪੰਜਾਬ ਦੇ ਵਿਕਾਸ ਤੇ ਭਲਾਈ ’ਤੇ ਖਰਚ ਰਹੀ ਹੈ।
ਪੰਜਾਬ ਦੇ ਮਸਲਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਜਾਣਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਿਹਾ ਹੈ।ਉਨ੍ਹਾ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਸੂਬੇ ਦੀ ਗੌਰਵਸ਼ਾਲੀ ਵਿਰਾਸਤ ’ਤੇ ਸਿੱਧਾ ਹਮਲਾ ਹੈ।ਉਨ੍ਹਾ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ ਇਕ ਵਿਦਿਅਕ ਸੰਸਥਾ ਨਹੀਂ, ਸਗੋਂ ਇਸ ਨਾਲ ਪੰਜਾਬੀਆਂ ਦੀ ਜਜ਼ਬਾਤੀ ਸਾਂਝ ਹੈ, ਜਿੱਥੇ ਤਿੰਨ-ਤਿੰਨ ਪੀੜ੍ਹੀਆਂ ਤਾਲੀਮ ਹਾਸਲ ਕਰ ਚੁੱਕੀਆਂ ਹਨ।ਉਨ੍ਹਾ ਕਿਹਾ ਕਿ ਪਹਿਲਾਂ ਵੀ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਲਈ ਸਾਡੇ ਉਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਅਸੀਂ ਡਟ ਕੇ ਲੜਾਈ ਲੜੀ, ਜਿਸ ਕਰਕੇ ਉਨ੍ਹਾਂ ਨੂੰ ਪਿੱਛੇ ਹਟਣਾ ਪਿਆ।ਮਾਨ ਨੇ ਕਿਹਾ ਕਿ ਭਾਖੜਾ ਡੈਮ ਤੋਂ ਹਰਿਆਣਾ ਤੇ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਲਈ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ, ਪਰ ਅਸੀਂ ਕਿਸੇ ਵੀ ਦਬਾਅ ਅੱਗੇ ਝੁਕਾਂਗੇ ਨਹੀਂ।
ਮੁੱਖ ਮੰਤਰੀ ਨੇ ਕਿਹਾਕੇਂਦਰ ਸਰਕਾਰ ਪੰਜਾਬ ਨਾਲ ਧੱਕੇਸ਼ਾਹੀ ਕਰਨ ਤੋਂ ਬਾਜ਼ ਆਵੇ।ਪੰਜਾਬ ਆਪਣੇ ਹੱਕਾਂ ਲਈ ਲੜਨਾ ਵੀ ਜਾਣਦਾ ਹੈ ਅਤੇ ਹੱਕ ਲੈਣਾ ਵੀ ਜਾਣਦਾ ਹੈ।ਇਸ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੇ ਮੁੱਖ ਮੰਤਰੀ ਸਾਹਮਣੇ ਭਾਵੁਕ ਹੁੰਦਿਆਂ ਆਪਣੇ ਮਨ ਦੇ ਵਲਵਲੇ ਵੀ ਸਾਂਝੇ ਕੀਤੇ।ਇਸ ਮੌਕੇ ਪੰਜਾਬ ਰਾਜ ਬਿਜਲੀ ਨਿਗਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।