ਨੋਟੀਫਿਕੇਸ਼ਨ ਜਾਰੀ ਹੋਣ ਤੱਕ ਪੀ ਯੂ ’ਚ ਜਾਰੀ ਰਹੇਗਾ ਮੋਰਚਾ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਦੇ ਯਤਨ ਵਜੋਂ ਬੁੱਧਵਾਰ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ। ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਜ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਹੋਈ, ਪਰ ਇਸ ਦਾ ਕੁਝ ਵੀ ਨਤੀਜਾ ਨਹੀਂ ਨਿਕਲਿਆ। ਪੀ ਯੂ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਚੋਣ ਪ੍ਰੋਗਰਾਮ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਉਪ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ ਅਤੇ ਚੋਣ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ, ਪਰ ਦੂਸਰੇ ਪਾਸੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ। ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਦੋ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਆਪਣੇ ਵਫ਼ਦ ਨਾਲ ਯੂਨੀਵਰਸਿਟੀ ਪਹੁੰਚੇ। ਉਨ੍ਹਾ ਕਿਹਾ ਕਿ ਯੂਨੀਵਰਸਿਟੀ ਦਾ ਕੇਂਦਰੀਕਰਨ ਗਲਤ ਹੈ। ਯੂਨੀਵਰਸਿਟੀ ਪੰਜਾਬ ਦੀ ਹੈ ਅਤੇ ਇਸ ਦੇ ਵਿਦਿਆਰਥੀ ਕਿਫਾਇਤੀ ਸਿੱਖਿਆ ਪ੍ਰਾਪਤ ਕਰਦੇ ਹਨ। ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਲਿਖਤੀ ਭਰੋਸੇ ਦੀ ਮੰਗ ਕੀਤੀ ਗਈ ਹੈ। ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਦਾਖਲਿਆਂ ਲਈ ਹਲਫ਼ਨਾਮਾ ਜਮ੍ਹਾਂ ਕਰਵਾਉਣ ਦੀ ਸ਼ਰਤ ਲਗਾਈ ਸੀ, ਜਿਸ ਦਾ ਵਿਦਿਆਰਥੀਆਂ ਵੱਲੋਂ ਵਿਰੋਧ ਹੋਇਆ। ਹਾਲਾਂਕਿ, ਕੇਂਦਰ ਸਰਕਾਰ ਨੇ ਬਾਅਦ ਵਿੱਚ 28 ਅਕਤੂਬਰ ਨੂੰ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਪੀ ਯੂ ਵੱਲੋਂ ਹਲਫ਼ਨਾਮਾ ਵਾਪਸ ਲੈ ਲਿਆ ਗਿਆ ਸੀ, ਪਰ ਸੈਨੇਟ-ਸਿੰਡੀਕੇਟ ਨੋਟੀਫਿਕੇਸ਼ਨ ਵਾਪਸ ਲੈਣ ਲਈ ਸੰਘਰਸ਼ ਜਾਰੀ ਰਿਹਾ। ਹੁਣ ਜਦੋਂ ਕੇਂਦਰ ਸਰਕਾਰ ਨੇ ਸੈਨੇਟ-ਸਿੰਡੀਕੇਟ ਨੂੰ ਰੱਦ ਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ, ਤਾਂ ਵਿਦਿਆਰਥੀ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਸੈਨੇਟ – ਸਿੰਡੀਕੇਟ ਨੂੰ ਰੱਦ ਕਰਨ ਦੇ ਆਪਣੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਤੋਂ ਬਾਅਦ ਵਾਈਸ ਚਾਂਸਲਰ ਨੇ 8 ਨਵੰਬਰ ਨੂੰ ਕਿਹਾ ਕਿ ਉਨ੍ਹਾ ਸੈਨੇਟ ਚੋਣਾਂ ਕਰਵਾਉਣ ਲਈ ਉਪ ਰਾਸ਼ਟਰਪਤੀ ਨੂੰ ਇੱਕ ਪ੍ਰਸਤਾਵ ਭੇਜਿਆ ਹੈ ਅਤੇ ਇਸ ਨੂੰ ਮਨਜ਼ੂਰੀ ਮਿਲਦੇ ਹੀ ਚੋਣ ਦੀ ਮਿਤੀ ਦਾ ਐਲਾਨ ਕਰ ਦੇਣਗੇ, ਪਰ ਵਿਦਿਆਰਥੀ ਇਸ ਗੱਲ ’ਤੇ ਅੜੇ ਹਨ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮਿਤੀ ਦਾ ਐਲਾਨ ਨਹੀਂ ਹੋ ਜਾਂਦਾ।





