ਢਾਕਾ : ਬੰਗਲਾਦੇਸ਼ੀ ਟਿ੍ਰਬਿਊਨਲ ਨੇ ਮੁਲਕ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (78) ਤੇ ਸਾਬਕਾ ਗ੍ਰਹਿ ਮੰਤਰੀ ਅਸਦ ਉਜ਼ ਜ਼ਮਾਨ ਖਾਨ ਕਾਮਲ ਨੂੰ ਸੋਮਵਾਰ ਮੌਤ ਦੀ ਸਜ਼ਾ ਸੁਣਾਈ। ਹਸੀਨਾ ਉੱਤੇ ਪਿਛਲੇ ਸਾਲ ਵਿਦਿਆਰਥੀਆਂ ਦੀ ਅਗਵਾਈ ਵਾਲੇ ਅੰਦੋਲਨ ਦੌਰਾਨ ਮਨੁੱਖਤਾ ਖਿਲਾਫ ਕਥਿਤ ਅਪਰਾਧਾਂ ਲਈ ਮੁਕੱਦਮਾ ਚਲਾਇਆ ਗਿਆ ਸੀ। ਵਿਦਿਆਰਥੀ ਅੰਦੋਲਨ ਕਰਕੇ ਹਸੀਨਾ ਦੀ ਸਰਕਾਰ ਡਿੱਗ ਗਈ ਸੀ ਤੇ ਉਹ ਮੁਲਕ ਛੱਡ ਕੇ ਭਾਰਤ ਆ ਗਈ ਸੀ।
ਫੈਸਲੇ ਤੋਂ ਪਹਿਲਾਂ ਪੂਰੇ ਬੰਗਲਾਦੇਸ਼ ਵਿੱਚ ਇਹਤਿਆਤੀ ਪ੍ਰਬੰਧ ਵਜੋਂ ਸੁਰੱਖਿਆ ਵਧਾ ਦਿੱਤੀ ਗਈ ਤੇ ਕੌਮੀ ਰਾਜਧਾਨੀ ਵਿੱਚ ਪੁਲਸ ਨੂੰ ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ ਵੀ ਦਿੱਤੇ ਗਏ। ਢਾਕਾ ਮੈਟਰੋਪੋਲੀਟਨ ਪੁਲਸ ਦੇ ਕਮਿਸ਼ਨਰ ਸ਼ੇਖ ਮੁਹੰਮਦ ਸੱਜਾਤ ਅਲੀ ਨੇ ਟਿ੍ਰਬਿਊਨਲ ਦੇ ਫੈਸਲੇ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਅਗਜ਼ਨੀ ਹਮਲਿਆਂ, ਧਮਾਕਿਆਂ ਜਾਂ ਪੁਲਸ ਤੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ।
ਉਧਰ ਅਵਾਮੀ ਲੀਗ, ਜੋ ਹੁਣ ਭੰਗ ਕੀਤੀ ਜਾ ਚੁੱਕੀ ਹੈ, ਨੇ ਫੈਸਲੇ ਤੋਂ ਪਹਿਲਾਂ ਦੋ ਦਿਨਾਂ ਦੇ ਬੰਦ ਦਾ ਐਲਾਨ ਕੀਤਾ। ਹਿੰਸਾ ਦੇ ਡਰੋਂ ਰਾਜਧਾਨੀ ਦੀਆਂ ਬਹੁਤੀਆਂ ਗਲੀਆਂ ਵਿਚ ਸੁੰਨ ਪੱਸਰੀ ਹੋਈ ਹੈ।
ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕਾਂ ਬਾਰੇ ਦਫਤਰ ਦੀ ਇੱਕ ਰਿਪੋਰਟ ਮੁਤਾਬਕ 15 ਜੁਲਾਈ ਤੋਂ 15 ਅਗਸਤ ਦਰਮਿਆਨ 1,400 ਲੋਕ ਮਾਰੇ ਗਏ ਸਨ। ਹਸੀਨਾ ਸਰਕਾਰ ਨੇ ਉਦੋਂ ਪ੍ਰਦਰਸ਼ਨਕਾਰੀਆਂ ਖਿਲਾਫ ਵਿਆਪਕ ਸੁਰੱਖਿਆ ਕਾਰਵਾਈ ਦਾ ਹੁਕਮ ਦਿੱਤਾ ਸੀ। ਹਸੀਨਾ, ਕਾਮਲ ਅਤੇ ਮਾਮੂਨ ’ਤੇ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ ਵਿੱਚ ਮੁਕੱਦਮਾ ਚਲਾਇਆ ਗਿਆ। ਅਦਾਲਤ ਨੇ ਹਸੀਨਾ ਅਤੇ ਕਾਮਲ ਨੂੰ ਭਗੌੜਾ ਐਲਾਨਿਆ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਇਆ। ਮਾਮੂਨ ਖਿਲਾਫ ਵਿਅਕਤੀਗਤ ਤੌਰ ’ਤੇ ਮੁਕੱਦਮਾ ਚਲਾਇਆ ਗਿਆ, ਪਰ ਮਗਰੋਂ ਉਹ ਸਰਕਾਰੀ ਗਵਾਹ ਵਜੋਂ ਪੇਸ਼ ਹੋਇਆ।
ਮੰਨਿਆ ਜਾਂਦਾ ਹੈ ਕਿ ਕਾਮਲ ਨੇ ਵੀ ਭਾਰਤ ਵਿੱਚ ਸ਼ਰਨ ਲਈ ਹੋਈ ਹੈ। ਮੁਹੰਮਦ ਯੂਨੁਸ ਦੀ ਅਗਵਾਈ ਵਾਲੀ ਅੰਤਰਮ ਸਰਕਾਰ ਨੇ ਹਸੀਨਾ ਦੀ ਹਵਾਲਗੀ ਦੀ ਮੰਗ ਕੀਤੀ ਹੈ, ਪਰ ਭਾਰਤ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਸ਼ੇਖ ਹਸੀਨਾ ਨੇ ਕਿਹਾ ਹੈ ਕਿ ਇਹ ਫੈਸਲਾ ਸਿਆਸਤ ਨਾਲ ਪ੍ਰੇਰਤ ਹੈ। ਹਸੀਨਾ ਨੇ ਕਿਹਾ ਕਿ ਉਹ ਇੱਕ ਢੁਕਵੇਂ ਟਿ੍ਰਬਿਊਨਲ ਵਿੱਚ ਆਪਣੇ ਦੋਸ਼ਾਂ ਦਾ ਸਾਹਮਣਾ ਕਰਨ ਤੋਂ ਨਹੀਂ ਡਰਦੀ, ਜਿੱਥੇ ਸਬੂਤਾਂ ਦਾ ਨਿਰਪੱਖ ਤਰੀਕੇ ਨਾਲ ਮੁਲਾਂਕਣ ਅਤੇ ਜਾਂਚ ਕੀਤੀ ਜਾ ਸਕੇ। ਇਸੇ ਲਈ ਉਸ ਨੇ ਅੰਤਰਮ ਸਰਕਾਰ ਨੂੰ ਵਾਰ-ਵਾਰ ਚੁਣੌਤੀ ਦਿੱਤੀ ਹੈ ਕਿ ਉਹ ਇਨ੍ਹਾਂ ਦੋਸ਼ਾਂ ਨੂੰ ਹੇਗ ਵਿੱਚ ਅੰਤਰਰਾਸ਼ਟਰੀ ਅਪਰਾਧ ਅਦਾਲਤ ਦੇ ਸਾਹਮਣੇ ਲਿਆਵੇ। ਜ਼ਿਕਰਯੋਗ ਹੈ ਕਿ ਇਹ ਫੈਸਲਾ ਬੰਗਲਾਦੇਸ਼ ਵਿੱਚ ਸੰਸਦੀ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਆਇਆ ਹੈ। ਹਸੀਨਾ ਦੀ ਅਵਾਮੀ ਲੀਗ ਪਾਰਟੀ ਨੂੰ ਫਰਵਰੀ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਹਿੱਸਾ ਲੈਣ ਤੋਂ ਰੋਕ ਦਿੱਤਾ ਗਿਆ ਹੈ।





