ਧੂਰੀ (ਮੋਹਿਤ ਗਰਗ, ਬਿੰਨੀ ਗਰਗ, ਸੁਖਦੇਵ ਧੂਰੀ, ਮਨੋਹਰ ਸਿੰਘ ਸੱਗੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਨਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।ਸਮਾਗਮ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਤੋਂ ਪਿੰਡਾਂ ਤੇ ਸ਼ਹਿਰ ਦੇ ਸਰਪੰਚਾਂ, ਕੌਂਸਲਰਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਚੈੱਕ ਸੌਂਪੇ ਗਏ।
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੰਗਤ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸ਼੍ਰੋਮਣੀ ਕਮੇਟੀ ਦੇ ਪੈਸੇ ਵਿੱਚੋਂ ਇਸ਼ਤਿਹਾਰ ਦਿੱਤੇ ਸਨ ਅਤੇ ਸੁਖਬੀਰ ਸਿੰਘ ਬਾਦਲ ਨੇ ਖੁਦ ਅਕਾਲ ਤਖ਼ਤ ਦੇ ਸਾਹਮਣੇ ਇਸ ਗੱਲ ਨੂੰ ਕਬੂਲ ਕੀਤਾ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਧੂਰੀ ਹਲਕੇ ਦੇ 17 ਪਿੰਡਾਂ ਵਿੱਚ 7.57 ਕਰੋੜ ਰੁਪਏ ਦੀ ਲਾਗਤ ਵਾਲੇ 38 ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜਸਵੀਰ ਸਿੰਘ ਜੱਸੀ ਸੇਖੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਸਾਬਕਾ ਚੇਅਰਮੈਨ ਸਤਿੰਦਰ ਸਿੰਘ ਚੱਠਾ, ਉੱਪ ਮੀਡੀਆ ਕੋਆਰਡੀਨੇਟਰ ਐਡਵੋਕੇਟ ਹੈਪੀ ਗਰਗ, ਪਰਮਿੰਦਰ ਸਿੰਘ ਨੂਰ ਔਲਖ਼, ਕੌਂਸਲਰ ਪੁਸ਼ਪਿੰਦਰ ਤਾਇਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਆਦਿ ਹਾਜ਼ਰ ਸਨ।





