ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁੱਕਰਵਾਰ ਫਾਸਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ।ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਤੇਜ਼ ਹੋਵੇਗੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਾਲੀ ਸਿੰਗਲ ਵਿੰਡੋ ਵਿਦ ਏ ਸਿੰਗਲ ਪੈੱਨਪ੍ਰਣਾਲੀ ਦੀ ਸ਼ੁਰੂਆਤ ਨਾਲ ਸੂਬੇ ਦੀ ਉਦਯੋਗਿਕ ਨੀਤੀ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਫਾਸਟ੍ਰੈਕ ਪੰਜਾਬ ਪੋਰਟਲ ਰਾਹੀਂ ਇਸ ਸਮੇਂ ਨੌਂ ਵਿਭਾਗਾਂ ਨਾਲ ਸਬੰਧਤ 47 ਸੇਵਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਪ੍ਰਭਾਵਸ਼ਾਲੀ ਤਾਲਮੇਲ ਤੇ ਨਿਗਰਾਨੀ ਨਾਲ ਅਰਜ਼ੀਆਂ ਦੀ ਬਕਾਇਆ ਦਰ ਜ਼ੀਰੋ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਉਦਯੋਗਾਂ ਦੇ ਪਰਵਾਸ ਨੂੰ ਪੁੱਠਾ ਗੇੜ ਪਿਆ ਹੈ, ਜਿਸ ਸਦਕਾ 1.40 ਲੱਖ ਕਰੋੜ ਰੁਪਏ ਦੇ ਨਵੇਂ ਨਿਵੇਸ਼ ਹਾਸਲ ਹੋਣ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਲਗਪਗ ਪੰਜ ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਉੱਦਮਤਾ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਬਣਨ ਦੀ ਥਾਂ ਆਪਣੇ ਉੱਦਮ ਸਥਾਪਤ ਕਰਕੇ ਨੌਕਰੀ ਦੇਣ ਵਾਲੇ ਬਣਨ ਦਾ ਸੱਦਾ ਦਿੱਤਾ। ਇਸ ਸੋਚ ਦੇ ਸਮਰਥਨ ਵਿੱਚ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਭਰ ਰਹੇ ਉੱਦਮੀਆਂ ਨੂੰ ਵਿੱਤੀ ਸਹਾਇਤਾ, ਕਰਜ਼ੇ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸੁਧਾਰਾਂ ਦਾ ਉਦੇਸ਼ ਪ੍ਰਵਾਨਗੀਆਂ ਦੇਣ ਵਿੱਚ ਬੇਲੋੜੀ ਦੇਰੀ ਨੂੰ ਖ਼ਤਮ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਆਲਮੀ ਪੱਧਰ ’ਤੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਤੋਂ ਮਹੱਤਵਪੂਰਨ ਨਿਵੇਸ਼ ਪ੍ਰਾਪਤ ਹੋ ਰਹੇ ਹਨ।





