ਚੰਡੀਗੜ੍ਹ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ’ਚ ਮਿਲ ਰਹੀ ਸਫਲਤਾ ’ਤੇ ਬੇਲੋੜੀ ਬਿਆਨਬਾਜ਼ੀ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ ਅਤੇ ਤਰੱਕੀ ਲਈ ਖ਼ਤਰਾ ਪੈਦਾ ਕਰਨ ਵਾਲੇ ਹਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਦਿ੍ਰੜਤਾ ਨਾਲ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਗੈਂਗਸਟਰਾਂ, ਸੰਗਠਿਤ ਅਪਰਾਧ ਸਿੰਡੀਕੇਟਾਂ ਅਤੇ ਸਾਲਾਂ ਤੋਂ ਧੜੱਲੇ ਨਾਲ ਕੰਮ ਕਰਦੇ ਡਰੱਗ ਮਾਫੀਆ ਵਿਰੁੱਧ ਮਿਸਾਲੀ ਤੇ ਮੁਸਤੈਦ ਕਾਰਵਾਈ ਨਿਰੰਤਰ ਜਾਰੀ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਜ਼ੀਰੋ-ਟੌਲਰੈਂਸ ਪਹੁੰਚ ਅਪਣਾਉਣ, ਖੁਫੀਆ ਕਾਰਵਾਈਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਾਂਤੀ ਤੇ ਜਨਤਕ ਵਿਵਸਥਾਵਾਂ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਸਰਗਰਮ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਪੁਲਸ ਨੇ 6 ਅਪ੍ਰੈਲ, 2022 ਤੋਂ 18 ਨਵੰਬਰ, 2025 ਤੱਕ, ਗੈਂਗਸਟਰਾਂ ਵਿਰੁੱਧ ਆਪਣੀ ਸਖ਼ਤ ਕਾਰਵਾਈ ਤਹਿਤ 310 ਐਫ ਆਈ ਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ 300 ਤੋਂ ਵੱਧ ਮੁਲਜ਼ਮ ਫੱਟੜ ਹੋਏ , 30 ਨੂੰ ਬੇਅਸਰ ਕੀਤਾ ਗਿਆ ਜਦਕਿ 3 ਪੁਲਿਸ ਮੁਲਾਜ਼ਮ ਸ਼ਹੀਦ ਹੋਏ ਅਤੇ 30 ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਹੋਰ ਹਥਿਆਰਾਂ ਤੋਂ ਇਲਾਵਾ 511 ਪਿਸਤੌਲ, 43 ਰਾਈਫਲਾਂ ਬਰਾਮਦ ਕੀਤੀਆਂ ਗਈਆਂ।





