ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਇੱਕ-ਇੱਕ ਗੈਂਗਸਟਰ ਨੂੰ ਪੰਜਾਬ ਤੋਂ ਬਾਹਰ ਕੱਢ ਕੇ ਹੀ ਦਮ ਲਵਾਂਗੇ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ। ਵਿਗੜੇ ਹੋਏ ਮਾਹੌਲ ਨੂੰ ਠੀਕ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਬਣਾ ਕੇ ਗੈਂਗਸਟਰਾਂ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਸੀ। ਪੰਜਾਬ ਦੀ ਅਮਨ-ਸ਼ਾਂਤੀ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਅੰਦਰ ਕਿਸੇ ਵੀ ਗੈਂਗਸਟਰ ਨੂੰ ਰਹਿਣ ਦੀ ਇਜਾਜ਼ਤ ਨਹੀਂ। ਉਹਨਾ ਕਿਹਾ ਕਿ ਜਾਂ ਤਾਂ ਗੈਂਗਸਟਰ ਆਪਣਾ ਇਹ ਕੰਮ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ ਨਹੀਂ ਤਾਂ ਪੰਜਾਬ ਸਰਕਾਰ ਉਹਨਾਂ ਨੂੰ ਕਾਨੂੰਨੀ ਕਾਰਵਾਈ ਕਰਦੇ ਹੋਏ ਜੇਲ੍ਹਾਂ ਦੇ ਅੰਦਰ ਡੱਕ ਦੇਵੇਗੀ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਲਈ ਪੰਜਾਬ ਅੰਦਰ ਕੋਈ ਥਾਂ ਨਹੀਂ।




