ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਨਵੇਂ ਲੇਬਰ ਕੋਡ ਖਿਲਾਫ਼ 26 ਨੂੰ ਮੁਜ਼ਾਹਰੇ

0
80

ਲੁਧਿਆਣਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਦੇਸ਼ ਵਿੱਚ ਧੱਕੇ ਨਾਲ ਲਾਗੂ ਕਰਨ ਅਤੇ ਬਿਜਲੀ ਸੋਧ ਬਿੱਲ 2025 ਦੇ ਲੋਕ ਵਿਰੋਧੀ ਖਰੜੇ ਖਿਲਾਫ਼ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਸੰਗਠਨ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਦੇਸ਼-ਵਿਆਪੀ ਸੱਦੇ ’ਤੇ 26 ਨਵੰਬਰ ਨੂੰ ਸਮੁੱਚੇ ਪੰਜਾਬ ਦੇ ਬਿਜਲੀ ਦਫਤਰਾਂ ਵਿੱਚ ਡਵੀਜ਼ਨ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਦੀ ਨੋਟੀਫਿਕੇਸ਼ਨ ਅਤੇ ਬਿਜਲੀ ਸੋਧ ਬਿੱਲ 2025 ਦੇ ਖਰੜੇ ਦੀਆਂ ਕਾਪੀਆਂ ਫੂਕਣ ਦਾ ਐਲਾਨ ਕੀਤਾ ਹੈ । ਇਸ ਸੰਬੰਧੀ ਫੈਸਲਾ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਨਾਲ ਸੰਬੰਧਤ ਆਗੂਆਂ ਦੀ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਸਾਂਝੀ ਪ੍ਰਧਾਨਗੀ ਹੇਠ ਐਤਵਾਰ ਹੋਈ ਮੀਟਿੰਗ ਵਿੱਚ ਕੀਤਾ ਗਿਆ।
ਮੀਟਿੰਗ ਦੀ ਕਾਰਵਾਈ ਸੰਬੰਧੀ ਹਰਪਾਲ ਸਿੰਘ ਅਤੇ ਗੁਰਵੇਲ ਸਿੰਘ ਬੱਲਪੁਰੀਆ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਿਹਨਤਕਸ਼ ਜਮਾਤ ਦੇ ਹਿੱਤ ਸੁਰੱਖਿਅਤ ਰੱਖਣ ਵਾਲੇ 44 ਕਿਰਤ ਕਾਨੂੰਨ ਖਤਮ ਕਰਕੇ ਪੂੰਜੀਪਤੀਆਂ ਦੇ ਹਿੱਤ ਪੂਰਨ ਵਾਲੇ ਚਾਰ ਲੇਬਰ ਕੋਡ ਦੇਸ਼ ਵਿੱਚ ਲਾਗੂ ਕਰਕੇ ਕਿਰਤੀ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਆਗੂਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਸੋਧ ਬਿੱਲ 2025 ਦਾ ਲੋਕ ਵਿਰੋਧੀ ਖਰੜਾ ਤਿਆਰ ਕਰਕੇ ਦੇਸ਼ ਦੇ ਸਮੁੱਚੇ ਪਾਵਰ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਕਾਨੂੰਨ ਪਾਸ ਕਰਨ ਦੇ ਮਨਸੂਬਿਆਂ ਨੂੰ ਵੀ ਅੰਤਮ ਛੋਹਾਂ ਦੇ ਰਹੀ, ਜਿਸ ਦਾ ਮਜ਼ਦੂਰ ਅਤੇ ਮੁਲਾਜ਼ਮ ਸੰਘਰਸ਼ਾਂ ਦੇ ਬਲਬੂਤੇ ਲਗਾਤਾਰ ਵਿਰੋਧ ਕਰਨਗੇ।
ਮੀਟਿੰਗ ਵਿੱਚ ਸ਼ਾਮਲ ਆਗੂਆਂ ਗੁਰਭੇਜ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਹੌਰੀਆ, ਦਵਿੰਦਰ ਸਿੰਘ ਪਿਸੌਰ, ਰਾਧੇਸ਼ਿਆਮ, ਰਵੇਲ ਸਿੰਘ ਸਹਾਏਪੁਰ, ਸੁਖਵਿੰਦਰ ਸਿੰਘ ਚਾਹਲ, ਇੰਜੀ. ਹਰਮਨਦੀਪ, ਜਸਵੀਰ ਸਿੰਘ ਆਂਡਲੂ, ਮਨਜੀਤ ਸਿੰਘ ਚਾਹਲ, ਕੌਰ ਸਿੰਘ ਸੋਹੀ, ਬਾਬਾ ਅਮਰਜੀਤ ਸਿੰਘ, ਅਮਰੀਕ ਸਿੰਘ ਮਸੀਤਾਂ, ਦਲੀਪ ਕੁਮਾਰ, ਗੁਰਪਿਆਰ ਸਿੰਘ, ਸੁਖਵਿੰਦਰ ਸਿੰਘ ਦੁਮਣਾ, ਪਵਨਪਰੀਤ ਸਿੰਘ ਆਦਿ ਨੇ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਲਈ ਪਾਵਰਕਾਮ ਅਦਾਰੇ ਵਿੱਚ ਪੰਜਾਬ ਸਰਕਾਰ ਦੀ ਬੇਲੋੜੀ ਦਖਲਅੰਦਾਜ਼ੀ ਦੀ ਤਿੱਖੀ ਨੁਕਤਾਚੀਨੀ ਕਰਦੇ ਹੋਏ ਮੁੱਖ ਮੰਤਰੀ ਅਤੇ ਬਿਜਲੀ ਮੰਤਰੀ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਇਸ ਸਨਅਤੀ ਅਦਾਰੇ ਨੂੰ ਆਪਣੀਆਂ ਰਾਜਸੀ ਲੋੜਾਂ ਲਈ ਵਰਤਣਾ ਤੁਰੰਤ ਬੰਦ ਕੀਤਾ ਜਾਵੇ।ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ 26 ਨਵੰਬਰ ਨੂੰ ਬਿਜਲੀ ਦਫਤਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਨੂੰ ਵੱਡੇ ਪੱਧਰ ’ਤੇ ਹਿੱਸਾ ਲੈਣ ਦੀ ਅਪੀਲ ਕੀਤੀ। ਮੀਟਿੰਗ ਦੇ ਅਖੀਰ ਵਿੱਚ ਸੰਘਰਸ਼ਾਂ ਦੀ ਅਗਲੇਰੀ ਲਾਮਬੰਦੀ ਲਈ 29 ਨਵੰਬਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਯਾਦਗਾਰੀ ਭਵਨ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਨ ਦਾ ਵੀ ਐਲਾਨ ਕੀਤਾ ਹੈ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ਾਂ ਦੀ ਲਾਮਬੰਦੀ ਲਈ ਰੱਖੀ ਮੀਟਿੰਗ ਵਿੱਚ ਸੰਘਰਸ਼ਸ਼ੀਲ ਭਰਾਤਰੀ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ ਹੈ।