ਨਵੀਂ ਸਾਜ਼ਿਸ਼ ਖਿਲਾਫ ਪੰਜਾਬ ’ਚ ਉਬਾਲ

0
66

ਸਰਕਾਰ ਸਰਬ ਪਾਰਟੀ ਮੀਟਿੰਗ ਸੱਦ ਕੇ ਸਾਰੇ ਪੰਜਾਬ ਨੂੰ ਲਾਮਬੰਦ ਕਰੇ : ਸੀ ਪੀ ਆਈ, ਸੜਕ ਤੋਂ ਸੰਸਦ ਤੱਕ ਵਿਰੋਧ ਕਰਾਂਗੇ : ਆਪ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੰਸਦ ਦੇ ਆਗਾਮੀ ਸਰਦ ਰੁੱਤ ਅਜਲਾਸ ਦੌਰਾਨ ਸੰਵਿਧਾਨ (131ਵੀਂ ਸੋਧ) ਬਿੱਲ 2025 ਰਾਹੀਂ ਚੰਡੀਗੜ੍ਹ ਨੂੰ ਸਥਾਈ ਤੌਰ ’ਤੇ ਆਪਣੇ ਕੰਟਰੋਲ ਹੇਠ ਕਰਨ ਦੀ ਕੋਸ਼ਿਸ਼ ਦਾ ਭਾਰਤੀ ਕਮਿਊਨਿਸਟ ਪਾਰਟੀ ਸਮੇਤ ਪੰਜਾਬ ਦੀਆਂ ਤਕਰੀਬਨ ਸਮੁੱਚੀਆਂ ਰਾਜਸੀ ਪਾਰਟੀਆਂ ਨੇ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਪਾਰਟੀਆਂ ਨੇ ਕਿਹਾ ਕਿ ਕੇਂਦਰ ਦੀ ਕੋਝੀ ਕੋਸ਼ਿਸ਼ ਕਿਸੇ ਵੀ ਹਾਲਤ ਵਿੱਚ ਸਫਲ ਨਹੀਂ ਹੋਵੇਗੀ। ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ।
ਪੰਜਾਬ ਸੀ ਪੀ ਆਈ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੋਧੀ ਚੱਲ ਰਹੀ ਇੱਕ ਹੋਰ ਸਾਜ਼ਿਸ਼ ਖਿਲਾਫ ਸਾਰੇ ਪੰਜਾਬ ਦਾ ਸੰਘਰਸ਼ ਲਾਮਬੰਦ ਕਰਨ ਲਈ ਪੰਜਾਬ ਸਰਕਾਰ ’ਤੇ ਜ਼ੋਰ ਦਿੱਤਾ ਹੈ ਕਿ ਉਹ ਸਰਬ ਪਾਰਟੀ ਮੀਟਿੰਗ ਬੁਲਾਵੇ ਅਤੇ ਪੰਜਾਬ ਦੀਆਂ ਸਿਆਸੀ ਧਿਰਾਂ ਅਤੇ ਲੋਕਾਂ ਵੱਲੋਂ ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਹਮਲੇ ਵਿਰੁੱਧ ਜੋ ਗੁੱਸਾ ਅਤੇ ਵਿਰੋਧ ਪ੍ਰਗਟ ਕੀਤਾ ਜਾ ਰਿਹਾ ਹੈ, ਉਸ ਨੂੰ ਇੱਕਮੁੱਠ ਕਰਨ ਲਈ ਪਹਿਲਕਦਮੀ ਕਰੇ ਅਤੇ ਪੰਜਾਬ ਪ੍ਰਤੀ ਆਪਣਾ ਫਰਜ਼ ਨਿਭਾਵੇ। ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਇਹ ਮੰਗ ਕਰਦਿਆਂ ਨਾਲ ਹੀ ਸੀ ਪੀ ਆਈ ਕਾਡਰ ਨੂੰ ਹਦਾਇਤ ਕੀਤੀ ਕਿ ਉਹ ਭਾਜਪਾ ਸਰਕਾਰ ਦੇ ਇਸ ਪੰਜਾਬ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਅਤੇ ਫੈਡਰਲ ਢਾਂਚੇ ਵਿਰੋਧੀ ਹੋ ਰਹੇ ਹਮਲੇ ਖਿਲਾਫ ਲਗਾਤਾਰ ਮੁਹਿੰਮ ਚਲਾਉਣ, ਜੋ ਜਲਸਿਆਂ, ਜਲੂਸਾਂ, ਮੁਜ਼ਾਹਰਿਆਂ, ਸੈਮੀਨਾਰਾਂ ਰਾਹੀਂ ਜਾਂ ਜੋ ਵੀ ਤਰੀਕਾ ਜ਼ਿਲ੍ਹਾ ਲੀਡਰਸ਼ਿਪ ਸੋਚਣ, ਉਸ ਰਾਹੀਂ ਕਿਸੇ ਵੀ ਦਿਨ ਹੋ ਸਕਦੀ ਹੈ, ਪਰ ਇਸ ਨੂੰ ਚਲਦਾ ਰੱਖਿਆ ਜਾਵੇ। ਸਾਥੀ ਬਰਾੜ ਨੇ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ਪੰਜਾਬੀ ਅਤੇ ਪੰਜਾਬ ਵਿਰੋਧੀ ਸਾਜ਼ਿਸ਼ਾਂ ’ਤੇ ਕਾਨੂੰਨ ਬਣਾ ਰਹੀ ਹੈ। ਕਿਸਾਨਾਂ ਵਿਰੋਧੀ ਤਿੰਨ ਕਾਲੇ ਕਾਨੂੰਨ, ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਕੇਂਦਰੀ ਬਲ ਤੈਨਾਤ ਕਰਨੇ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੇ ਹੱਕ ਤੇ ਆਵਾਜ਼ ਨੂੰ ਕਮਜ਼ੋਰ ਕਰਨਾ, ਪੰਜਾਬ ਯੂਨੀਵਰਸਿਟੀ ਦੀ ਚੁਣੀ ਜਾਂਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨਾ ਤੇ ਹੁਣ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਕੇ ਆਪਣੇ ਅਧੀਨ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਦੀਆਂ ਕੁਚਾਲਾਂ ਆਦਿ। ਸਾਥੀ ਬਰਾੜ ਨੇ ਖੱਬੀਆਂ ਤੇ ਜਮਹੂਰੀ ਤਾਕਤਾਂ ਨੂੰ ਅਪੀਲ ਕੀਤੀ ਕਿ ਆਓ, ਆਪਾਂ ਸਾਂਝੇ ਸੰਘਰਸ਼ ਨਾਲ ਪੰਜਾਬ ਦੇ ਹਿੱਤਾਂ ਦੀ ਰਾਖੀ ਕਰੀਏ।
ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਪਾਲ ਅਜਨਬੀ ਅਤੇ ਜਨਰਲ ਸਕੱਤਰ ਭੁਪਿੰਦਰ ਮਲਿਕ, ਸਾਬਕਾ ਪ੍ਰਧਾਨ ਡਾਕਟਰ ਲਾਭ ਸਿੰਘ ਖੀਵਾ ਅਤੇ ਬਲਕਾਰ ਸਿੱਧੂ ਸਮੇਤ ਸਾਰੀ ਕਾਰਜਕਾਰਨੀ ਨੇ ਕੇਂਦਰ ਸਰਕਾਰ ਦੀ ਚੰਡੀਗੜ੍ਹ ਪੰਜਾਬੀਆਂ ਤੋਂ ਖੋਹਣ ਦੀ ਇਸ ਨਾਪਾਕ ਸਾਜ਼ਿਸ਼ ਦਾ ਸਖਤ ਵਿਰੋਧ ਕੀਤਾ ਹੈ, ਇਸ ਖਿਲਾਫ ਸਾਂਝਾ ਸੰਗਰਾਮ ਚਲਾਉਣ ਦਾ ਹੋਕਾ ਦਿੱਤਾ ਹੈ।
‘ਸਾਡਾ ਯੁੱਗ’ ਦੇ ਮੁੱਖ ਸੰਪਾਦਕ ਭੁਪਿੰਦਰ ਸਾਂਬਰ ਅਤੇ ਸੰਪਾਦਕ ਗੁਰਨਾਮ ਕੰਵਰ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਸ ਪੰਜਾਬ ਵਿਰੋਧੀ ਕਦਮ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਇਸ ਨੂੰ ਫੇਲ੍ਹ ਕਰਨ ਲਈ ਸਾਂਝੇ ਸੰਘਰਸ਼ ’ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਦੋ-ਪੱਖੀ ਲੜਾਈ ਲੜੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਲੜਾਈ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਸਾਥ ਨਾਲ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ‘ਹਿਟਲਰ ਦੀ ਸੋਚ’ ’ਤੇ ਚੱਲ ਕੇ ਦੇਸ਼ ਦੇ ਲੋਕਤੰਤਰੀ ਅਤੇ ਸੰਘੀ ਢਾਂਚੇ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਦੇਸ਼ ਦੇ ਲੋਕ ਧਾਰਮਿਕ ਆਜ਼ਾਦੀ ਅਤੇ ਕੌਮੀ ਏਕਤਾ ਦੀ ਭਾਵਨਾ ਨੂੰ ਹੋਰ ਦਿ੍ਰੜ੍ਹ ਕਰਨ ਦੇ ਉਦੇਸ਼ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੇ ਹਨ, ਤਾਂ ਉਸ ਵੇਲੇ ਵੀ ਅਜਿਹੀ ਸਾਜ਼ਿਸ਼ ਰਚਣ ਤੋਂ ਮੰਦਭਾਗਾ ਹੋਰ ਕੁਝ ਨਹੀਂ ਹੋ ਸਕਦਾ।
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ। ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਪੰਜਾਬੀਆਂ ਦੇ ਇਤਿਹਾਸ ਨੂੰ ਨਾ ਭੁੱਲਣ। ਉਨ੍ਹਾ ਕਿਹਾ ਕਿ ਮੋਦੀ ਜੀ, ਤੁਸੀਂ ਪਿਛਲੇ ਕੁਝ ਸਾਲਾਂ ਵਿੱਚ ਦੇਖ ਲਿਆ ਹੈ ਕਿ ਪੰਜਾਬ ਦਾ ਕਿਸਾਨ ਕੀ ਕਰ ਸਕਦਾ ਹੈ। ਕਿਸਾਨਾਂ ਦੇ ਸੰਘਰਸ਼ ਨੇ ਤੁਹਾਡੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਸੀ। ਜੇਕਰ ਪੰਜਾਬ ਤੋਂ ਚੰਡੀਗੜ੍ਹ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੰਸਦ ਤੋਂ ਲੈ ਕੇ ਸੜਕਾਂ ਸਮੇਤ ਹਰ ਮੋਰਚੇ ’ਤੇ ਸੰਘਰਸ਼ ਕਰੇਗੀ।ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਕਦਮ ਭਾਜਪਾ ਦੇ ਪੰਜਾਬ ਪ੍ਰਤੀ ਡੂੰਘੀ ਜੜ੍ਹਾਂ ਵਾਲੇ ਪੱਖਪਾਤ ਅਤੇ ਦੁਸ਼ਮਣੀ ਨੂੰ ਉਜਾਗਰ ਕਰਦਾ ਹੈ।
ਭਾਜਪਾ ਦੀ ‘ਪੰਜਾਬ ਵਿਰੋਧੀ ਮਾਨਸਿਕਤਾ’ ਦੀ ਨਿੰਦਾ ਕਰਦੇ ਹੋਏ ਕੰਗ ਨੇ ਕਿਹਾ ਕਿ ਪੰਜਾਬ ਸਨਮਾਨ ਦੀ ਧਰਤੀ ਹੈ। ਭਾਜਪਾ ਭਾਵੇਂ ਪੰਜਾਬ ਅਤੇ ਸਿੱਖਾਂ ਨੂੰ ਜਿੰਨੀ ਮਰਜ਼ੀ ਨਫ਼ਰਤ ਕਰੇ, ਪਰ ਪੰਜਾਬ ਕਦੇ ਵੀ ਕਿਸੇ ਨੂੰ ਆਪਣੇ ਅਧਿਕਾਰਾਂ ਨੂੰ ਲੁੱਟਣ ਨਹੀਂ ਦੇਵੇਗਾ।ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਸੀ, ਹੈ ਅਤੇ ਰਹੇਗਾ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸੰਵਿਧਾਨਕ ਸੋਧਾਂ ਰਾਹੀਂ ਪੰਜਾਬ ਤੋਂ ਚੰਡੀਗੜ੍ਹ ’ਤੇ ਉਸ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਿਸੇ ਆਮ ਕਦਮ ਦਾ ਹਿੱਸਾ ਨਹੀਂ , ਸਗੋਂ ਪੰਜਾਬ ਦੀ ਪਛਾਣ ਅਤੇ ਸੰਵਿਧਾਨਕ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾ ਕਿਹਾ ਕਿ ਪੰਜਾਬੀਆਂ ਦੇ ਅਧਿਕਾਰ ਖੋਹਣ ਲਈ ਸੰਘੀ ਢਾਂਚੇ ਨੂੰ ਤੋੜਨ ਦੀ ਇਹ ਮਾਨਸਿਕਤਾ ਬਹੁਤ ਖਤਰਨਾਕ ਹੈ। ਉਨ੍ਹਾ ਕਿਹਾ ਕਿ ਦੇਸ਼ ਦੀ ਸੁਰੱਖਿਆ, ਅਨਾਜ, ਪਾਣੀ ਅਤੇ ਮਨੁੱਖਤਾ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲਾ ਪੰਜਾਬ ਅੱਜ ਆਪਣੇ ਹੱਕਦਾਰ ਹਿੱਸੇ ਤੋਂ ਵਾਂਝਾ ਹੈ। ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਕਦੇ ਵੀ ਕਿਸੇ ਤਾਨਾਸ਼ਾਹੀ ਅੱਗੇ ਆਪਣਾ ਸਿਰ ਨਹੀਂ ਝੁਕਾਇਆ। ਪੰਜਾਬ ਅੱਜ ਵੀ ਨਹੀਂ ਝੁਕੇਗਾ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿਚ ਸੰਵਿਧਾਨ (131ਵੀਂ ਸੋਧ) ਬਿੱਲ, 2025 ਪੇਸ਼ ਕਰਨ ਦੇ ਕੇਂਦਰ ਸਰਕਾਰ ਦੇ ਕਦਮ ’ਤੇ ਬੋਲਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ, ਸਰਕਾਰ ਧਾਰਾ 240 ਵਿਚ ਸੋਧ ਕਰਨਾ ਚਾਹੁੰਦੀ ਹੈ। ਸੋਧ ਚੰਡੀਗੜ੍ਹ ਨੂੰ ਬਿਨਾਂ ਵਿਧਾਨ ਸਭਾ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਦੇਣ ਦੀ ਮੰਗ ਕਰਦੀ ਹੈ। ਉਨ੍ਹਾ ਕਿਹਾ ਕਿ ਸਾਡਾ (ਪੰਜਾਬ) ਚੰਡੀਗੜ੍ਹ ’ਤੇ ਹੱਕ ਹੈ, ਕਿਉਂਕਿ ਦੇਸ਼ ਦੀ ਵੰਡ ਤੋਂ ਪਹਿਲਾਂ ਲਾਹੌਰ ਪੰਜਾਬ ਦੀ ਰਾਜਧਾਨੀ ਸੀ ਅਤੇ ਵੰਡ ਤੋਂ ਬਾਅਦ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਬਣ ਗਿਆ। ਸੂਬੇ ਦੀ ਵੰਡ ਤੋਂ ਬਾਅਦ ਵੀ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਰਿਹਾ। ਸਾਡਾ ਵੀ ਇਸ ਉਤੇ ਹੱਕ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦੇ 13 ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਕਦੇ ਉਮੀਦ ਨਹੀਂ ਸੀ ਕਿ ਦੇਸ਼ ਭਰ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੌਕੇ ’ਤੇ ਕੇਂਦਰ ਸਰਕਾਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਸਾਜ਼ਿਸ਼ ਕਰੇਗੀ। ਇਸ ਇਤਿਹਾਸਕ ਪਲ ’ਤੇ ਸਾਡੀ ਉਮੀਦ ਸੀ ਕਿ ਕੇਂਦਰ ਕੁਝ ਪੁਰਾਣੀਆਂ ਬੇਇਨਸਾਫ਼ੀਆਂ ਨੂੰ ਦੂਰ ਕਰੇਗਾ, ਨਾ ਕਿ ਪੰਜਾਬ ਦੇ ਜ਼ਖ਼ਮਾਂ ’ਤੇ ਹੋਰ ਨਮਕ ਛਿੜਕੇਗਾ। ਉਨ੍ਹਾ ਕਿਹਾ ਕਿ ਪਾਰਲੀਮੈਂਟ ਦੇ ਆਉਣ ਵਾਲੇ ਸਰਦ ਰੁੱਤ ਦੇ ਸੈਸ਼ਨ ਵਿਚ ਕੇਂਦਰ ਵੱਲੋਂ ਲਿਆਂਦੇ ਜਾ ਰਹੇ ਸੰਵਿਧਾਨ (131ਵੀਂ ਸੋਧ) ਬਿੱਲ ਦੀ ਖ਼ਬਰ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਪੰਜਾਬ ਵਿਰੋਧੀ ਕਦਮ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਵਿਚ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਪਾਰਟੀ ਵੱਲੋਂ ਸੀਨੀਅਰ ਸੰਵਿਧਾਨਕ ਮਾਹਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਗੈਰ-ਸੋਚੇਸਮਝੇ ਲਏ ਜਾ ਰਹੇ ਗਲਤ ਫ਼ੈਸਲੇ ਦੇ ਵਿਰੁੱਧ ਅਗਲੀ ਰਣਨੀਤੀ ਮੀਟਿੰਗ ਵਿਚ ਤੈਅ ਕੀਤੀ ਜਾਵੇਗੀ।