ਸ੍ਰੀ ਅਨੰਦਪੁਰ ਸਾਹਿਬ, (ਅਰਵਿੰਦਰ ਸਿੰਘ ਬਿੰਦੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਮਾਗਮਾਂ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਦਸਵੇਂ ਪਾਤਸ਼ਾਹ ਜੀ ਦੇ ਗੁਰਿਆਈ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ, ਗੁਰੂ ਕੇ ਮਹਿਲ ਵਿਖੇ ਅਨੇਕਾਂ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਜੀਵਨ, ਇਤਿਹਾਸ ਬਾਰੇ ਤਿੰਨ ਪੁਸਤਕਾਂ ਅਤੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਾਰ ਵੀ ਜਾਰੀ ਕੀਤਾ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰਿਆਈ ਅਸਥਾਨ ਵਿਖੇ ਦਸਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਮੁੱਖ ਸਖਸ਼ੀਅਤਾਂ ਨੇ ਗੁਰੂ ਸਾਹਿਬ ਦੇ ਜੀਵਨ, ਸਿਧਾਂਤ ਤੇ ਸ਼ਹੀਦੀ ਬਾਰੇ ਵਿਚਾਰ ਸਾਂਝੇ ਕੀਤੇ।ਸ਼੍ਰੋਮਣੀ ਕਮੇਟੀ ਵਲੋਂ ਅਯੋਜਿਤ ਸ਼ਤਾਬਦੀ ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਮਹਿੰਦਰ ਸਿੰਘ ਯੂ. ਕੇ., ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤਿ੍ਰੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ ਭਲਵਾਨ, ਭਾਈ ਅਜੈਬ ਸਿੰਘ ਅਭਿਆਸੀ ਸ. ਅਵਤਾਰ ਸਿੰਘ ਰੀਆ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਬਾਵਾ ਹਰਦੀਪ ਸਿੰਘ ਤੇ ਰਮੇਸ਼ ਸ਼ਰਮਾ ਸਮੇਤ ਹੋਰ ਹਾਜ਼ਰ ਸਨ।ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਵਿਚ ਪੁੱਜੇ ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੁਨੀਆਂ ਅੰਦਰ ਪਹਿਲੀ ਅਜਿਹੀ ਸ਼ਹਾਦਤ ਹੈ ਜੋ ਧਰਮ ਦੀ ਰਖਵਾਲੀ ਲਈ ਹੋਈ।ਉਨ੍ਹਾਂ ਕਿਹਾ ਕਿ ਇਹ ਵੀ ਗੌਰਵਮਈ ਇਤਿਹਾਸ ਹੈ ਕਿ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਤੇ ਸ੍ਰੀ (ਗੁਰੂ) ਗੋਬਿੰਦ ਰਾਏ ਜੀ ਨੇ ਆਪਣੇ ਪਿਤਾ ਨੂੰ ਸ਼ਹਾਦਤ ਲਈ ਤੋਰਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਗਰੋਂ ਉਨ੍ਹਾਂ ਦੇ ਸੀਸ ਨੂੰ ਬਿਖੜੇ ਪੈਂਡਿਆਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਵਾਲੇ ਸਿੱਖ ਦੀ ਕੁਰਬਾਨੀ ਨੂੰ ਵੀ ਸਿਜਦਾ ਹੈ।
ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਆਖਿਆ ਕਿ ਨੌਵੇਂ ਪਾਤਸ਼ਾਹ ਨੇ ਸਮਾਜ ਨੂੰ ਭਾਈਚਾਰਕ ਏਕਤਾ, ਮਾਨਵਤਾ ਨਾਲ ਪ੍ਰੇਮ ਅਤੇ ਸਮਾਜ ਨੂੰ ਇਕਸੁਰਤਾ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਚਿੰਤਨ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਵਾਸਤੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਅੱਜ ਦੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਂ ਸਾਲਾ ਆਪਣੇ ਸਪੁੱਤਰ ਸ੍ਰੀ ਗੋਬਿੰਦ ਰਾਇ ਜੀ ਨੂੰ ਗੁਰਤਾਗੱਦੀ ਬਖਸ਼ਿਸ਼ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਵਿਸ਼ਵ ਦੀ ਜਮਹੂਰੀਅਤ ਪ੍ਰਣਾਲੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੀ ਬਦੌਲਤ ਹੈ।ਉਨ੍ਹਾਂ ਅਜੋਕੇ ਸੰਦਰਭ ਦੀ ਗੱਲ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਦੂਜਿਆਂ ਦੀ ਧਾਰਮਿਕ ਆਜ਼ਾਦੀ ਲਈ ਸ਼ਹਾਦਤ ਦਿੱਤੀ ਸੀ ਪਰ ਅੱਜ ਸਿੱਖਾਂ ਦੀ ਧਾਰਮਿਕ ਆਜ਼ਾਦੀ ਉੱਤੇ ਹਮਲੇ ਹੋ ਰਹੇ ਹਨ।ਉਨ੍ਹਾਂ ਸਿੱਖਾਂ ਦੇ ਧਾਰਮਿਕ ਸਿਧਾਂਤ, ਪਰੰਪਰਾ ਅਤੇ ਇਤਿਹਾਸ ’ਤੇ ਹੋ ਰਹੇ ਹਮਲਿਆਂ ਦਾ ਸਾਹਮਣਾ ਕਰਨ ਲਈ ਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਾਵਨ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਆਜ਼ਾਦੀ ਲਈ ਮਹਾਨ ਦੇਣ ਦਾ ਗੱਲ ਕਰਦਿਆਂ ਆਖਿਆ ਕਿ ਦੁਨੀਆ ਦੇ ਵਿਚ ਕਿਸੇ ਵੀ ਧਰਮ ਦਾ ਆਗੂ ਜਾਂ ਬਾਨੀ ਨੌਵੇਂ ਪਾਤਸ਼ਾਹ ਦਾ ਸਾਨੀ ਨਹੀਂ ਹੋ ਸਕਿਆ, ਜਿਨ੍ਹਾਂ ਨੇ ਆਪਣਾ ਸੀਸ ਕਟਵਾ ਕੇ ਤਿਲਕ-ਜੰਝੂ ਬਚਾਇਆ ਅਤੇ ਬਾਦਸ਼ਾਹ ਔਰੰਗਜ਼ੇਬ ਦੇ ਜ਼ੁਲਮੀ ਰਾਜ ਦਾ ਅੰਤ ਕੀਤਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰ ਸ਼ਬਦ ਦੀ ਕਥਾ-ਵੀਚਾਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਹਾਨ ਸ਼ਹਾਦਤ ਦੇ ਕੇ ਸਨਾਤਨ ਧਰਮ ਦੀ ਹੋਂਦ-ਹਸਤੀ ਨੂੰ ਬਚਾਇਆ ਸੀ।ਉਨ੍ਹਾਂ ਇਹ ਵੀ ਕਿਹਾ ਕਿ ਬਾਦਸ਼ਾਹ ਔਰੰਗਜ਼ੇਬ ਨੇ ਆਪਣੇ ਰਾਜ-ਭਾਗ ਨੂੰ ਸਲਾਮਤ ਰੱਖਣ ਲਈ ਹਿੰਦੋਸਤਾਨ ਦੀ ਲੋਕਾਈ ’ਤੇ ਅੰਨ੍ਹਾ ਜ਼ੁਲਮ ਕੀਤਾ ਪਰ ਉਸ ਦਾ ਰਾਜ ਫਿਰ ਵੀ ਨਹੀਂ ਰਿਹਾ।ਦੂਜੇ ਪਾਸੇ ਖ਼ਾਲਸਾ ਪੰਥ ਦੇ ਨਿਸ਼ਾਨ ਜੁਗੋ-ਜੁਗ ਝੂਲਦੇ ਰਹਿਣਗੇ।





