ਸ੍ਰੀ ਅਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ)
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ‘ਸਰਬ ਧਰਮ ਸੰਮੇਲਨ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਵਿਸ਼ਵ ਭਰ ਦੇ ਸਤਿਕਾਰਤ ਧਾਰਮਕ ਆਗੂਆਂ ਨਾਲ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਵੱਡੀ ਗਿਣਤੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਦਿੱਤੀ ਗਈ ਹੋਵੇ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲੀਦਾਨ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਸਾਰੇ ਧਰਮਾਂ ਲਈ ਸਤਿਕਾਰ ਬਣਾਈ ਰੱਖਣ ਅਤੇ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਤੇ ਭਾਈਚਾਰਕ ਏਕਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹੀ ਹੈ। ਉਨ੍ਹਾ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਤੇ ਧਾਰਮਕ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦੇ ਕੇ ਦੁਨੀਆ ਲਈ ਮਿਸਾਲ ਕਾਇਮ ਕੀਤੀ।ਉਹਨਾ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰ ਸਾਲ ਸਮਾਗਮ ਕਰਵਾਏ ਜਾਣਗੇ।





