ਸ੍ਰੀ ਆਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ)
ਇੱਥੇ ਸੋਮਵਾਰ ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮਿ੍ਰਤਸਰ ਦੇ ਗਲਿਆਰਾ ਏਰੀਆ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਚੰਡੀਗੜ੍ਹ ਤੋਂ ਬਾਹਰ ਇੱਥੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ਵਿੱਚ ਹੋਏ ਇਜਲਾਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਦੇਣ ਦਾ ਐਲਾਨ ਵੀ ਕੀਤਾ ਗਿਆ।
ਪਾਸ ਕੀਤੇ ਗਏ ਮਤੇ ਮੁਤਾਬਕ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ਅਤੇ ਸੇਵਨ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ। ਸਰਕਾਰ ਚਾਹੁੰਦੀ ਹੈ ਕਿ ਗੁਰੂ ਦੀ ਨਗਰੀ ਅਤੇ ਤਖਤ ਸਾਹਿਬਾਨ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਨਸ਼ਾ ਅਤੇ ਮੀਟ ਪੂਰੀ ਤਰ੍ਹਾਂ ਵਰਜਿਤ ਹੋਵੇ।
ਮਾਨ ਨੇ ਮਤੇ ਵਿੱਚ ਇਹ ਵੀ ਸੁਝਾਅ ਦਿੱਤਾ ਕਿ ਇਨ੍ਹਾਂ ਤਿੰਨਾਂ ਸ਼ਹਿਰਾਂ ਵਿੱਚ ਇੱਕ ‘ਸਰਬ ਧਰਮ ਕਮੇਟੀ’ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਇਸ ਕਮੇਟੀ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ, ਜੋ ਸ਼ਹਿਰਾਂ ਦੀ ਧਾਰਮਕ ਅਤੇ ਸਮਾਜਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਕੰਮ ਕਰਨਗੇ। ਮਤੇ ਅਨੁਸਾਰ ਪੰਜਾਬ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਲੋੜੀਂਦਾ ਬਜਟ ਅਲਾਟ ਕਰੇਗੀ। ਇਸਦੇ ਨਾਲ ਹੀ, ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਜਾਵੇਗੀ ਕਿ ਉਹ ਇਨ੍ਹਾਂ ਧਾਰਮਕ ਸ਼ਹਿਰਾਂ ਦੇ ਵਿਕਾਸ ਲਈ ਜ਼ਰੂਰੀ ਵਿੱਤੀ ਸਹਾਇਤਾ ਪ੍ਰਦਾਨ ਕਰੇ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ’ਚ ਕਿਹਾ, ‘‘ਅੱਜ ਦਾ ਦਿਨ ਰੌਲਾ-ਰੱਪਾ ਪਾਉਣ ਵਾਲਾ ਨਹੀਂ, ਬਲਕਿ ਮੁਕੱਦਸ ਦਿਨ ਹੈ। ਪਹਿਲੀ ਵਾਰ ਹੈ ਜਦੋਂ ਪੰਜਾਬ ਦੀ ਵਿਧਾਨ ਸਭਾ ਚੰਡੀਗੜ੍ਹ ਤੋਂ ਚੱਲ ਕੇ ਗੁਰੂ ਦੇ ਚਰਨਾਂ ਵਿਚ ਸਿਜਦਾ ਕਰਨ ਲਈ ਆਈ ਹੈ।’’ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਨੰਦਪੁਰ ਮਤੇ ਦੀ ਗੱਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ। ਇਆਲੀ ਨੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਮੰਗ ਉਠਾਈ ਕਿ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਮਿ੍ਰਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ।
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੋਲਣ ਨਹੀਂ ਦਿੱਤਾ ਗਿਆ, ਜਿਸ ਦਾ ਵਿਰੋਧ ਖਹਿਰਾ ਨੇ ਸਦਨ ਵਿੱਚ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੇਲੇ ਦੇ ਹਾਕਮ ਧਾੜਵੀ ਬਣ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੇ ਹਨ। ਕਦੇ ਪੰਜਾਬ ਦੀ ਖੇਤੀ ’ਤੇ ਹਮਲਾ ਤੇ ਕਦੇ ਸਿੱਖਿਆ ’ਤੇ ਹਮਲਾ ਹੋ ਰਿਹੈ। ‘ਆਪ’ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਦੇ ਸਿਧਾਂਤਾਂ ’ਤੇ ਚਲਦਿਆਂ ਕੇਂਦਰ ਦੇ ਹਰ ਹਮਲੇ ਦਾ ਡਟ ਕੇ ਮੁਕਾਬਲਾ ਕੀਤਾ ਹੈ। ਸਾਂਝੀਵਾਲਤਾ ’ਤੇ ਪਹਿਰਾ ਦਿੰਦਿਆਂ ਪੰਜਾਬ ਦੇ ਹਰ ਵਰਗ ਨੂੰ ਬਿਨਾਂ ਵਿਤਕਰੇ ਤੋਂ ਸਹੂਲਤਾਂ ਦਿੱਤੀਆਂ ਜਾਣ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾ ਨੇ ਮਨੀਪੁਰ ਤੇ ਹਰਿਆਣਾ ਦੇ ਨੂਹ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ।
ਉਨ੍ਹਾ ਅੱਗੇ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਦੇ ਤਿੰਨ ਕਰੋੜ ਨਿਵਾਸੀਆਂ ਨੂੰ ਦੇਸ਼ ਦੀ 150 ਕਰੋੜ ਜਨਤਾ ਤੱਕ ਸਦਭਾਵਨਾ, ਧਰਮ ਨਿਰਪੱਖਤਾ ਅਤੇ ਸ਼ਾਂਤੀ ਦਾ ਸੰਦੇਸ਼ ਪੁੱਜਦਾ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਾਵਨ ਧਰਤੀ ਤੋਂ, ਅਸੀਂ ‘ਹਿੰਦੂ ਰਾਸ਼ਟਰ’ ਅਤੇ ‘ਖਾਲਿਸਤਾਨ’ ਨੂੰ ਖਾਰਿਜ ਕਰਦਿਆਂ ‘ਜੁਗ ਜੁਗ ਜੀਵੇ ਮੇਰਾ ਹਿੰਦੁਸਤਾਨ’ ਦੇ ਨਾਅਰੇ ਦੀ ਵਕਾਲਤ ਕਰਦੇ ਹਾਂ ਜੋ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਦੇਸ਼ ਦੀ ਏਕਤਾ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਇਹ ਸੈਸ਼ਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਨਿਮਾਣੀ ਸ਼ਰਧਾਂਜਲੀ ਹੈ।ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਦਨ ਵਿੱਚ ਪ੍ਰਤਾਪ ਸਿੰਘ ਬਾਜਵਾ ਦੇ ਹਵਾਲੇ ਨਾਲ ਕਿਹਾ ਕਿ ਵਿਸ਼ੇਸ਼ ਇਜਲਾਸ ਦੌਰਾਨ ਸਦਨ ਵਿੱਚ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਜੇ ਗੁਰੂ ਦਾ ਸੰਦੇਸ਼ ਸਹੀ ਸੰਦਰਭ ਵਿੱਚ ਮੰਨੀਏ ਤਾਂ ਪੰਜਾਬ ਦੇ ਭਾਈਚਾਰੇ ਨੂੰ ਕੋਈ ਵੀ ਲਾਂਬੂ ਨਹੀਂ ਲਾ ਸਕਦਾ। ਬਸਪਾ ਵਿਧਾਇਕ ਨਛੱਤਰ ਪਾਲ ਨੇ ਮੰਗ ਕੀਤੀ ਕਿ ਰੋਪੜ ਜ਼ਿਲ੍ਹੇ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਰੱਖਿਆ ਜਾਵੇ ਜਾਂ ਫਿਰ ਰੋਪੜ ਜ਼ਿਲ੍ਹੇ ਦਾ ਨਾਂਅ ਆਨੰਦਪੁਰ ਸਾਹਿਬ ਰੱਖਿਆ ਜਾਵੇ। ਉਨ੍ਹਾ ਕਿਹਾ ਕਿ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੇ ਚਰਚੇ ਚੱਲ ਰਹੇ ਹਨ, ਪ੍ਰੰਤੂ ਹੁਸ਼ਿਆਰਪੁਰ, ਬਲਾਚੌਰ ਤੇ ਗੜ੍ਹਸ਼ੰਕਰ ਦੇ ਲੋਕ ਇਸ ਕਦਮ ਦਾ ਵਿਰੋਧ ਕਰਦੇ ਹਨ।





