ਦੀਨਾਨਗਰ/ਗੁਰਦਾਸਪੁਰ (ਦਿਨੇਸ਼ ਕੁਮਾਰ, ਬਲਵਿੰਦਰ ਸਿੰਘ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਨਾਨਗਰ ’ਚ ਨਵੇਂ ਖੰਡ ਮਿੱਲ ਪ੍ਰਾਜੈਕਟ ਅਤੇ ਕੋ-ਜਨਰੇਸ਼ਨ ਪਲਾਂਟ ਦਾ ਉਦਘਾਟਨ ਕੀਤਾ ਗਿਆ। ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 2 ਹਜ਼ਾਰ ਟਨ ਤੋਂ ਵਧਾ ਕੇ 5 ਹਜ਼ਾਰ ਟਨ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 2850 ਗੰਨਾ ਕਿਸਾਨ ਇਸ ਮਿੱਲ ਨੂੰ ਗੰਨਾ ਸਪਲਾਈ ਕਰ ਰਹੇ ਹਨ, ਪਰ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਗੰਨਾ ਸਪਲਾਈ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵਧ ਕੇ 7025 ਹੋ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਦੂਰ-ਦੁਰਾਡੇ ਦੀਆਂ ਮਿੱਲਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਉਨ੍ਹਾਂ ਦੀ ਟਰਾਂਸਪੋਰਟੇਸ਼ਨ ਅਤੇ ਸਮੇਂ ਦੀ ਬੱਚਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦਾ 416 ਰੁਪਏ ਪ੍ਰਤੀ ਕੁਇੰਟਲ ਭਾਅ ਫਿਕਸ ਕੀਤਾ ਗਿਆ ਹੈ, ਜੋ ਕਿ ਸਾਰੇ ਦੇਸ਼ ਤੋਂ ਵੱਧ ਹੈ।(ਪਹਿਲਾਂ ਭਾਅ 401 ਰੁਪਏ ਸੀ) ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਫੈਕਟਰੀ ਤਿੰਨ ਗੁਣਾ ਵੱਧ ਵਧਾ ਦੇਈਏ ਤਾਂ ਫਿਰ ਲੇਬਰ ਵੀ ਤਿੰਨ ਗੁਣਾ ਵੱਧ ਹੋਵੇਗੀ ਅਤੇ ਪ੍ਰੋਡਕਸ਼ਨ ਵੀ ਤਿੰਨ ਗੁਣਾ ਵੱਧ ਹੋਵੇਗੀ।ਚੰਡੀਗੜ੍ਹ ’ਚ ਕਿਸਾਨਾਂ ਦੇ ਇਕੱਠ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨਾਲ ਉਨ੍ਹਾਂ ਦੀਆਂ ਮੰਗਾਂ ਹਨ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ ਕਿਉਕਿ ਪੰਜਾਬ ਸਰਕਾਰ ਸਮੇਂ-ਸਮੇਂ ਸਿਰ ਕਿਸਾਨਾਂ ਨਾਲ ਮਿਲਣੀ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹਰ ਪਰਵਾਰ ਲਈ 10 ਲੱਖ ਦਾ ਬੀਮਾ ਅਸੀਂ ਸ਼ੁਰੂ ਕਰਨ ਜਾ ਰਹੇ ਹਾਂ ਅਤੇ ਹੋਰ ਵੀ ਵੱਡੇ-ਵੱਡੇ ਪ੍ਰਾਜੈਕਟ ਸੂਬਾ ਵਾਸੀਆਂ ਲਈ ਆ ਰਹੇ ਹਨ ਅਤੇ ਡਾਕਟਰਾਂ ਦੀ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਪੰਜਾਬ ਦੇ ਹੱਕਾਂ ਦੀ ਗੱਲ ਹੁੰਦੀ ਹੈ, ਉੱਥੇ ਪੰਜਾਬ ਸਰਕਾਰ ਨਾਲ ਖੜ੍ਹਦੀ ਹੈ।





