ਜਲੰਧਰ : ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਏ ਐੱਸ ਆਈ ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋ ਪੀ ਸੀ ਆਰ ਦੇ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਹੈ। ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਲਏ ਗਏ ਹਨ। ਪੁਲਸ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੰਗਤ ਰਾਮ ਵੱਲੋਂ ਮੌਕੇ ’ਤੇ ਬਣਦੀ ਪੁਲਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸੀ ਸੀ ਟੀ ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ।




