ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹੜਤਾਲ ਕਰਨ ਵਾਲੇ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਕਾਮਿਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰਨ, ਬਲਕਿ ਯੂਨੀਅਨ ਆਗੂ ਸੂਬਾ ਸਰਕਾਰ ਨਾਲ ਮੀਟਿੰਗ ਕਰਨ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੀ ਆਰ ਟੀ ਸੀ ਕਾਮਿਆਂ ਦੇ ਸਾਰੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ। ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਹਮਲੇ ਕਰਦਿਆਂ ਕਿਹਾ ਕਿ ਇਹ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਹੋਏ ਕੰਮਾਂ ਦੇ ਨਤੀਜੇ ਹਨ, ਜਿਸ ਕਰਕੇ ਅੱਜ ਮੁਲਾਜ਼ਮਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਕੱਚੇ ਕਾਮੇ ਭਰਤੀ ਕੀਤੇ ਅਤੇ ਉਨ੍ਹਾਂ ਨੂੰ ਭਰਤੀ ਕਰਨ ਸਮੇਂ ਉਨ੍ਹਾਂ ਦੀ ਨਿਯੁਕਤੀ ਦੀ ਮਿਆਦ ਅਤੇ ਤਨਖਾਹ ਬਾਰੇ ਕੋਈ ਸਥਿਤੀ ਸਪੱਸ਼ਟ ਨਹੀਂ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਕਾਮਿਆਂ ਨਾਲ ਗੱਲਬਾਤ ਕਰਕੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਰਕਾਰ ਵੱਲੋਂ ਲਗਾਤਾਰ ਐਡਵੋਕੇਟ ਜਨਰਲ ਪੰਜਾਬ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ।




