ਚੰਡੀਗੜ੍ਹ : ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਸਿਰਫ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਕੇ ਹੀ ਸੰਭਵ ਹੈ। ਇੱਕ ਨਿੱਜੀ ਟੀ ਵੀ ਚੈਨਲ ਨੂੰ ਇੰਟਰਵਿਊ ਦੌਰਾਨ ਕੈਪਟਨ ਨੇ ਕਿਹਾ ਕਿ ਭਾਜਪਾ ਕੋਲ ਇਸ ਸਮੇਂ ਪੰਜਾਬ ਦੇ ਸਮਾਜਕ ਅਤੇ ਰਾਜਨੀਤਕ ਢਾਂਚੇ ਦੀ ਡੂੰਘੀ ਸਮਝ ਦੀ ਘਾਟ ਹੈ। ਉਨ੍ਹਾ ਕਿਹਾ ਕਿ ਜੇ ਭਾਜਪਾ ਇਕੱਲਿਆਂ ਜਿੱਤਣਾ ਚਾਹੁੰਦੀ ਹੈ ਤਾਂ ਉਸ ਨੂੰ ਆਪਣੇ ਕੇਡਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਪਰ ਇਸ ਲਈ ਦੋ ਜਾਂ ਤਿੰਨ ਚੋਣਾਂ ਲੱਗਣਗੀਆਂ।
ਅਕਾਲੀ ਦਲ ਨਾਲ ਗੱਠਜੋੜ ਹੀ ਜਿੱਤ ਦਾ ਇੱਕੋ-ਇੱਕ ਰਸਤਾ ਹੈ, ਕੋਈ ਹੋਰ ਰਸਤਾ ਨਹੀਂ, ਭਾਜਪਾ ਨੂੰ ਅਕਾਲੀ ਦਲ ਨਾਲ ਜਾਣਾ ਪਵੇਗਾ। ਕੈਪਟਨ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਅਤੇ ਸਰਗਰਮ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹਨ।




