ਜਲੰਧਰ (ਰਾਜੇਸ਼ ਥਾਪਾ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਸ਼ਨੀਵਾਰ ਐਲਾਨ ਕੀਤਾ ਹੈ ਕਿ ਮਜ਼ਦੂਰ ਮੋਰਚੇ ਵੱਲੋਂ 20 ਸਤੰਬਰ ਨੂੰ ਫਿਲੌਰ ਵਿਖੇ ਅੰਮਿ੍ਤਸਰ-ਦਿੱਲੀ ਹਾਈਵੇ ਜਾਮ ਕੀਤਾ ਜਾਵੇਗਾ | ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਕ੍ਰਮਵਾਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਗੁਲਜਾਰ ਗੌਰੀਆ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਭਗਵੰਤ ਸਿੰਘ ਸਮਾਓਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਤੰਬਰ ਨੂੰ ਸ਼ਾਮ ਵੇਲੇ ਦੋ ਮਜ਼ਦੂਰ ਫਿਲੌਰ ਵਿਖੇ ਤੇਜ਼ ਰਫਤਾਰ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ | ਮਜ਼ਦੂਰ ਆਗੂ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਲੱਗੇ ਤਿੰਨ ਦਿਨਾਂ ਧਰਨੇ ਤੋਂ ਆਪਣੇ ਸਾਥੀਆਂ ਸਮੇਤ ਘਰਾਂ ਨੂੰ ਵਾਪਸ ਪਰਤ ਰਹੇ ਸਨ ਕਿ ਫਿਲੌਰ ਵਿਖੇ ਉਕਤ ਹਾਦਸਾ ਵਾਪਰ ਗਿਆ | ਸਾਂਝੇ ਮਜ਼ਦੂਰ ਮੋਰਚੇ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮਜ਼ਦੂਰਾਂ ਦੀ ਇਸ ਦਰਦਨਾਕ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਜੂਨ ਮਹੀਨੇ ਵਿੱਚ ਮਜ਼ਦੂਰਾਂ ਵੱਲੋਂ ਸੰਗਰੂਰ ਵਿਖੇ ਦੋ ਵੱਡੀਆਂ ਰੈਲੀਆਂ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਸ੍ਰੀ ਧਾਲੀਵਾਲ ਨਾਲ 7-8 ਜੂੂਨ ਨੂੰ ਮੀਟਿੰਗਾਂ ਵੀ ਹੋਈਆਂ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਜ਼ਦੂਰ ਮੰਗਾਂ ਪ੍ਰਤੀ ਬੁਰੀ ਤਰ੍ਹਾਂ ਬੇਰੁਖੀ ਵਾਲਾ ਰਵੱਈਆ ਧਾਰਨ ਕੀਤਾ ਗਿਆ ਹੈੈ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪਰਮਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਾਦਸੇ ਦੇ ਸ਼ਿਕਾਰ ਹੋਏ ਮਜ਼ਦੂਰਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਨਾ ਐਲਾਨਣਾ ਪੰਜਾਬ ਸਰਕਾਰ ਦੀ ਮਜਦੂਰ ਦੋਖੀ ਮਾਨਸਿਕਤਾ ਦੀ ਨਿਸ਼ਾਨੀ ਹੈ | ਉਨ੍ਹਾਂ ਸਰਕਾਰ ਦੇ ਇਸ ਰਵੱਈਏ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਦਾ ਮਖੌਟਾ ਪਾਈ ਬੈਠੀ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਮਜ਼ਦੂਰ ਵਿਰੋਧੀ ਹੈ |