ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਭਿ੍ਰਸ਼ਟਾਚਾਰ ਦੇ ਦੋਸ਼ ਤੈਅ

0
67

ਬਠਿੰਡਾ : ਪੰਜਾਬ ਦੀ ਬਠਿੰਡਾ ਸੈਸ਼ਨ ਅਦਾਲਤ ਨੇ ਪੰਜਾਬ ਪੁਲਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਭਿ੍ਰਸ਼ਟਾਚਾਰ ਦੇ ਦੋਸ਼ ਆਇਦ ਕੀਤੇ ਹਨ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਨਾਲ ਸੰਬੰਧਤ ਹੈ। ਮਾਮਲੇ ਦੀ ਸੁਣਵਾਈ ਤੋਂ ਬਾਅਦ ਬਠਿੰਡਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਵਿਜੀਲੈਂਸ ਬਿਊਰੋ ਨੂੰ ਅਮਨਦੀਪ ਵਿਰੁੱਧ ਸਬੂਤ ਪੇਸ਼ ਕਰਨ ਲਈ 21 ਜਨਵਰੀ ਦੀ ਅਗਲੀ ਤਰੀਕ ਨਿਰਧਾਰਤ ਕੀਤੀ ਹੈ। ਵਿਸਤਿ੍ਰਤ ਆਦੇਸ਼ ਜਾਰੀ ਨਹੀਂ ਕੀਤਾ ਗਿਆ। ਉਸ ਨੂੰ ਬਠਿੰਡਾ ਪੁਲਸ ਨੇ ਇਸ ਸਾਲ 2 ਅਪ੍ਰੈਲ ਨੂੰ ਬਾਦਲ ਰੋਡ ਤੋਂ ਗਿ੍ਰਫ਼ਤਾਰ ਕੀਤਾ ਸੀ। ਉਸ ਦੀ ਐੱਸ ਯੂ ਵੀ ਵਿੱਚੋਂ ਕਥਿਤ ਤੌਰ ’ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਣ ਤੋਂ ਬਾਅਦ ਉਸ ਨੂੰ 3 ਅਪ੍ਰੈਲ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਬਾਅਦ ਵਿੱਚ 26 ਮਈ ਨੂੰ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।