ਹਲਵਾਰਾ : ਹਲਵਾਰਾ ਅੰਤਰਰਾਸ਼ਟਰੀ ਸਿਵਲ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਪੰਜਾਬ ਸਰਕਾਰ ਦਾ ਮਤਾ ਪਿਛਲੇ ਤਿੰਨ ਸਾਲਾਂ ਤੋਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਦਫ਼ਤਰਾਂ ਦੀ ਧੂੜ ਫੱਕ ਰਿਹਾ ਹੈ। 22 ਮਾਰਚ 2023 ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਸ ਮਤੇ ਨੂੰ ਪਾਸ ਕਰਕੇ ਕੇਂਦਰ ਸਰਕਾਰ ਕੋਲ ਪ੍ਰਵਾਨਗੀ ਲਈ ਭੇਜਿਆ ਸੀ। ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲ ਕਰਨਗੇ ਅਤੇ ਕੇਂਦਰ ਸਰਕਾਰ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਵਿਚ ਆਪ ਦੇ ਸੰਸਦ ਮੈਂਬਰ ਵੀ ਇਸ ਮੁੱਦੇ ਨੂੰ ਉਠਾਉਣਗੇ। ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਸਾਂਸਦ ਡਾ. ਅਮਰ ਸਿੰਘ ਨੇ ਇਸ ਮੰਗ ਨੂੰ ਸੰਸਦ ਵਿਚ ਉਠਾਉਣ ਦਾ ਪੂਰਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਮੰਗ ਸੰਬੰਧੀ 2023 ਤੋਂ ਬਾਅਦ ਕਈ ਵਾਰ ਕੇਂਦਰ ਨੂੰ ਯਾਦ ਪੱਤਰ ਭੇਜੇ ਹਨ, ਜਿਸ ’ਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਹਲਵਾਰਾ ਵਿਖੇ ਭਾਰਤੀ ਹਵਾਈ ਫੌਜ ਕੇਂਦਰ ਦੇ ਨਾਲ ਬਣੇ ਕੌਮਾਂਤਰੀ ਸਿਵਲ ਹਵਾਈ ਅੱਡੇ ਦਾ ਨਾਮ ‘ਸ਼ਹੀਦ ਕਰਤਾਰ ਸਿੰਘ ਸਰਾਭਾ ਕੌਮਾਂਤਰੀ ਹਵਾਈ ਅੱਡਾ’ ਰੱਖਣ ਦੀ ਮੰਗ ਕੀਤੀ ਗਈ ਸੀ। ‘ਅਬ ਨਹੀਂ’ ਸੰਸਥਾ ਦੀ ਚੇਅਰਮੈਨ ਸਤਵਿੰਦਰ ਕੌਰ ਸੱਤੀ ਸਮੇਤ ਕਈ ਸਮਾਜ ਸੇਵੀ ਜਥੇਬੰਦੀਆਂ ਨੇ ਵੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਾਭਾ ਦੇ ਨਾਮ ’ਤੇ ਰੱਖਣ ਲਈ ਬਹੁਤ ਸੰਘਰਸ਼ ਕੀਤਾ।



