ਨਵੀਂ ਦਿੱਲੀ : ਸਰਦ ਰੁੱਤ ਇਜਲਾਸ ਦੇ ਚੌਥੇ ਦਿਨ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸੰਸਦੀ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਸਰਕਾਰ ਨੂੰ ਹਵਾ ਪ੍ਰਦੂਸ਼ਣ ਖਿਲਾਫ਼ ਫੈਸਲਾਕੁਨ ਕਾਰਵਾਈ ਕਰਨ ਦੀ ਅਪੀਲ ਕੀਤੀ। ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਜਿਨ੍ਹਾਂ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ, ਨੇ ਸੰਸਦ ਦੇ ਮਕਰ ਦੁਆਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨੂੰ ਬਿਆਨਬਾਜ਼ੀ ਬੰਦ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ। ਕੁਝ ਸੰਸਦ ਮੈਂਬਰਾਂ ਨੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਉਜਾਗਰ ਕਰਨ ਲਈ ਵਿਰੋਧ ਪ੍ਰਦਰਸ਼ਨ ਵਿੱਚ ਮਾਸਕ ਵੀ ਪਹਿਨੇ। ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਵਧਦੇ ਹਵਾ ਪ੍ਰਦੂਸ਼ਣ ਸੰਕਟ ’ਤੇ ਚਰਚਾ ਕਰਨ ਲਈ ਸਦਨ ਦੀ ਸਾਰੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਵੀ ਦਿੱਤਾ।



