ਰੰਧਾਵਾ ਦਾ ਬੀਬੀ ਸਿੱਧੂ ਨੂੰ ਕਾਨੂੰਨੀ ਨੋਟਿਸ

0
28

ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਪਾਰਟੀ ਤੋਂ ਮੁਅੱਤਲ ਆਗੂ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਉਨ੍ਹਾਂ ਖ਼ਿਲਾਫ਼ ਕੀਤੀਆਂ ‘ਮਾਣਹਾਨੀ ਵਾਲੀਆਂ’ ਟਿੱਪਣੀਆਂ ਲਈ ਮੁਆਫ਼ੀ ਮੰਗਣ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ। ਰੰਧਾਵਾ, ਜੋ ਕਿ ਰਾਜਸਥਾਨ ਲਈ ਪਾਰਟੀ ਦੇ ਇੰਚਾਰਜ ਵੀ ਹਨ, ਨੇ ਬੀਬੀ ਸਿੱਧੂ ਦੇ ਮੀਡੀਆ ਵਿੱਚ ਦਿੱਤੇ ਬਿਆਨਾਂ ’ਤੇ ਇਤਰਾਜ਼ ਜਤਾਇਆ ਹੈ, ਜਿਸ ਵਿੱਚ ਉਨ੍ਹਾਂ ’ਤੇ ਭਿ੍ਰਸ਼ਟਾਚਾਰ ਦੇ ਦੋਸ਼ ਲਗਾਏ ਗਏ ਹਨ। ਨਵਜੋਤ ਕੌਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਭਾਰਤੀ ਕਿ੍ਰਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਹੈ। ਸੋਮਵਾਰ ਨੂੰ ਪੰਜਾਬ ਕਾਂਗਰਸ ਨੇ ਬੀਬੀ ਸਿੱਧੂ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੀ ਟਿੱਪਣੀ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ, ਜਿਸ ਨਾਲ ਸਿਆਸੀ ਵਿਵਾਦ ਪੈਦਾ ਹੋ ਗਿਆ ਸੀ। ਭੇਜੇ ਗਏ ਕਾਨੂੰਨੀ ਨੋਟਿਸ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਨਵਜੋਤ ਕੌਰ ਦੇ ਬਿਆਨ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 356 ਦੇ ਤਹਿਤ ਮਾਣਹਾਨੀ ਦੇ ਬਰਾਬਰ ਹਨ। ਨੋਟਿਸ ਵਿੱਚ ਬੀਬੀ ਸਿੱਧੂ ਤੋਂ ਉਨ੍ਹਾਂ ਦੇ ‘ਮਾਣਹਾਨੀ’ ਵਾਲੇ ਬਿਆਨਾਂ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਦੀ ਮੰਗ ਕਰਦਿਆਂ ਕਿਹਾ ਗਿਆ ਹੈ ਕਿ, “ਮੁਆਫ਼ੀਨਾਮਾ ਸੱਤ ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਹੀ ਮੀਡੀਆ ਅਦਾਰਿਆਂ ਵਿੱਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਣਾ ਚਾਹੀਦਾ ਹੈ, ਜਿੱਥੇ ਮੂਲ ਬਿਆਨ ਦਿੱਤੇ ਗਏ ਸਨ।’’ ਵਕੀਲ ਰਾਹੀਂ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ, “ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ’ਤੇ ਅਦਾਲਤ ਵਿੱਚ ਤੁਹਾਡੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨੀ ਪਵੇਗੀ।