ਸਿੱਧੂ ਦੀ ਪਿ੍ਰਅੰਕਾ ਨਾਲ ਮਿਲਣੀ 19 ਨੂੰ

0
18

ਪਟਿਆਲਾ : ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦਰਮਿਆਨ ਨਵਜੋਤ ਸਿੰਘ ਸਿੱਧੂ 19 ਦਸੰਬਰ ਨੂੰ ਪਿ੍ਰਅੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ। ਸਿੱਧੂ ਨੇ ਮਿਲਣੀ ਲਈ ਸਮਾਂ ਮੰਗਿਆ ਸੀ। ਹਾਲਾਂਕਿ ਸਿੱਧੂ ਬੁੱਧਵਾਰ ਦਿੱਲੀ ਵਿਚ ਮੌਜੂਦ ਸਨ, ਪਰ ਸੰਸਦ ਦਾ ਸਰਦ ਰੁੁੱਤ ਇਜਲਾਸ ਚੱਲਣ ਕਰਕੇ ਉਨ੍ਹਾ ਦੀ ਪਾਰਟੀ ਹਾਈ ਕਮਾਨ ਨਾਲ ਮੁਲਾਕਾਤ ਨਹੀਂ ਹੋ ਸਕੀ। ਸਿੱਧੂ ਹਾਈ ਕਮਾਨ ਵੱਲੋਂ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਦੂਜੇ ਪਾਸੇ ਕਾਂਗਰਸ ਹਾਈਕਮਾਨ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ‘500 ਕਰੋੜ ਵਿੱਚ ਮੁੱਖ ਮੰਤਰੀ ਦੀ ਕੁਰਸੀ’ ਵਾਲੇ ਬਿਆਨ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਕਰਨਗੇ। ਬਾਕੀ ਮੈਂਬਰਾਂ ਬਾਰੇ ਹਾਲੇ ਖੁਲਾਸਾ ਨਹੀਂ ਕੀਤਾ ਗਿਆ।
ਰਾਜਾ ਵੜਿੰਗ ਬੀਬਾ ਸਿੱਧੂ ਬਾਰੇ ਸਵਾਲ ਟਾਲ ਗਏ
ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਇੱਥੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾ ਸੂਬੇ ਵਿੱਚ ਤੇਜ਼ੀ ਨਾਲ ਵਿਗੜ ਰਹੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਤੋਂ ਮੁਅੱਤਲ ਕਰਨ ਬਾਰੇ ਸਵਾਲਾਂ ਦੇ ਜਵਾਬ ਵਿੱਚ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾ ਕਿਹਾ, ‘ਮੈਂ ਦਖਲ ਨਹੀਂ ਦੇਣਾ ਚਾਹੁੰਦਾ ਕਿ ਕੌਣ ਕੀ ਕਰ ਰਿਹਾ ਹੈ। ਮੈਂ ਸਿਰਫ ਇਹ ਕਹਾਂਗਾ ਕਿ ਇੱਕ ਵਾਰ ਜਦੋਂ ਕੋਈ ਮਾਮਲਾ ਨਿਬੇੜ ਲਿਆ ਜਾਂਦਾ ਹੈ, ਤਾਂ ਇਸ ’ਤੇ ਹੋਰ ਚਰਚਾ ਨਹੀਂ ਹੋਣੀ ਚਾਹੀਦੀ।’