ਪਟਿਆਲਾ (ਰਾਜਿੰਦਰ ਥਿੰਦ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ।ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਨਾਰਾਜ਼ਗੀ ਜ਼ਾਹਰ ਕੀਤੀ।
ਉਨ੍ਹਾ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ-ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨਿਆਂ ਦੀ ਲੈਬਾਰਟਰੀ ਤੋਂ ਜਾਂਚ ਕਰਵਾਉਣ ਲਈ ਕਿਹਾ। ਉਨ੍ਹਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਰੁੜਕੀ ਤੋਂ ਰਿਉਣਾ ਪਲੈਨ ਰੋਡ ਦੀ ਵੀ ਜਾਂਚ ਕੀਤੀ।
ਉਹਨਾ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਅਚਨਚੇਤ ਜਾਂਚ ਨੂੰ ਜਾਰੀ ਰੱਖਣਗੇ, ਕਿਉਕਿ ਉਹ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਨ ਕਿ ਜਨਤਕ ਪੈਸੇ ਦੀ ਸਹੀ ਵਰਤੋਂ ਹੋਵੇ। ਮੁੱਖ ਮੰਤਰੀ ਨੇ ਸੜਕਾਂ ਦੇ ਨਿਰਮਾਣ ਦੇ ਚੱਲ ਰਹੇ ਕੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੀ ਅਪੀਲ ਕੀਤੀ, ਕਿਉਕਿ ਇਹ ਲੋਕਾਂ ਦੀ ਆਪਣੀ ਜਾਇਦਾਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਅੰਤ ਤੱਕ ਸੂਬਾ ਸਰਕਾਰ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 44,920 ਕਿਲੋਮੀਟਰ ਸੜਕਾਂ ਬਣਾਏਗੀ।





