ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਅਧਿਕਾਰੀਆਂ ਨੂੰ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਲਈ ਲਗਭਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ 300 ਮੋਬਾਇਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ, ਤਾਂ ਕਿ ਲੋੜ ਪੈਣ ’ਤੇ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਆ ਰਹੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਮੁਫਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ।
ਮਾਨ ਨੇ ਕਿਹਾ ਕਿ ਪਵਿੱਤਰ ਨਗਰੀ ਵਿੱਚ 20 ਆਮ ਆਦਮੀ ਕਲੀਨਿਕ (ਏ ਏ ਸੀ) ਸਥਾਪਤ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਲੋਕਾਂ ਲਈ ਲੋੜ ਪੈਣ ’ਤੇ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।





