ਅਖੌਤੀ ਵਿਕਾਸ ਮਾਡਲ ਰਾਹੀਂ ਮਜ਼ਦੂਰਾਂ ਨੂੰ ਸਹੂਲਤਾਂ ਤੋਂ ਵਾਂਝੇ ਕੀਤਾ ਜਾ ਰਿਹੈ : ਮਜ਼ਦੂਰ ਮੋਰਚਾ

0
12

ਚੰਡੀਗੜ੍ਹ (ਗਿਆਨ ਸੈਦਪੁਰੀ)
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕਿਸਾਨ ਭਵਨ ਵਿੱਚ ਕੀਤੀ ਗਈ ਮੀਟਿੰਗ ਉਪਰੰਤ ਜਾਰੀ ਕੀਤੇ ਗਏ ਬਿਆਨ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਗਿਆ ਕਿ ਸਰਮਾਏਦਾਰਾਂ ਅਤੇ ਜਗੀਰਦਾਰਾਂ ਦੇ ਹੱਕਾਂ ’ਚ ਭੁਗਤਣ ਵਾਲੇ ਅਖੌਤੀ ਵਿਕਾਸ ਮਾਡਲ ਨੂੰ ਲਾਗੂ ਕਰਕੇ ਮਜ਼ਦੂਰਾਂ ਕੋਲੋਂ ਸਿਹਤ, ਸਿੱਖਿਆ ਤੇ ਬਿਜਲੀ ਵਰਗੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ। ਸਰਕਾਰੀ ਤੇ ਪੰਚਾਇਤੀ ਜਾਇਦਾਦਾਂ ਵੇਚਣ ਅਤੇ ਚਿੱਪ ਵਾਲੇ ਮੀਟਰ ਲਾ ਕੇ ਮਜ਼ਦੂਰਾਂ ਦੇ ਘਰਾਂ ਵਿੱਚ ਹਨੇਰਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਮਜ਼ਦੂਰ ਜਥੇਬੰਦੀਆਂ ਨੇ ਮੰਗ ਕੀਤੀ ਕਿ ਪਿਛਲੇਰੇ ਮਹੀਨੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਆਏ ਹੜ੍ਹਾਂ ਤੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਮਜ਼ਦੂਰਾਂ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਸੌ ਫੀਸਦੀ ਭਰਪਾਈ ਕੀਤੀ ਜਾਵੇ। ਬੇ-ਘਰੇ ਤੇ ਲੋੜਵੰਦਾਂ ਨੂੰ 10-10 ਮਰਲੇ ਦੇ ਪਲਾਟ ਤੇ ਮਕਾਨ ਉਸਾਰੀ ਲਈ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇ। ਮਜ਼ਦੂਰਾਂ ਦਾ ਪੂਰਾ ਕਰਜ਼ਾ ਮਾਫ ਕੀਤਾ ਜਾਵੇ। ਤੀਜੇ ਹਿੱਸੇ ਦੀ ਜ਼ਮੀਨ ਦੇਣ ਨੂੰ ਯਕੀਨੀ ਬਣਾਇਆ ਜਾਵੇ। ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕੀਤਾ ਜਾਵੇ। ਬੁਢਾਪਾ ਤੇ ਵਿਧਵਾ ਪੈਨਸ਼ਨ ਪੰਜ ਹਜ਼ਾਰ ਕੀਤੀ ਜਾਵੇ।
ਮਜ਼ਦੂਰ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ ਲਈ 5-6 ਜਨਵਰੀ ਨੂੰ ਜ਼ਿਲ੍ਹਾ ਸਦਰ- ਮੁਕਾਮਾਂ ’ਤੇ ਇੱਕ ਦਿਨਾ ਧਰਨਾ ਲਾਉਣ ਸੰਬੰਧੀ ਉਲੀਕੇ ਗਏ ਪ੍ਰੋਗਰਾਮ ਵਿੱਚ ਮਮੂਲੀ ਜਿਹੀ ਤਬਦੀਲੀ ਕੀਤੀ ਗਈ ਹੈ। ਹੁਣ ਇਹ ਧਰਨੇ 6 ਅਤੇ 7 ਜਨਵਰੀ ਨੂੰ ਲਾਏ ਜਾਣਗੇ। ਮਾਰਚ ਦੇ ਪਹਿਲੇ ਹਫਤੇ ਚੰਡੀਗੜ੍ਹ ਮੋਰਚਾ ਪਹਿਲਾਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਲੱਗੇਗਾ।
ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਬਲਦੇਵ ਸਿੰਘ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਗਿਆਨ ਸਿੰਘ ਸੈਦਪੁਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਖਵੀਰ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਛਾਜਲੀ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਧਰਮਵੀਰ ਹਰੀਗੜ੍ਹ ਸ਼ਾਮਿਲ ਸਨ।