ਚੰਡੀਗੜ੍ਹ/ਧੂਰੀ (ਗੁਰਜੀਤ ਬਿੱਲਾ/
ਮਨੋਹਰ ਸਿੰਘ ਸੱਗੂ, ਬਿੰਨੀ ਗਰਗ,
ਮੋਹਿਤ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ।
ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਸਿੱਖ ਤਖ਼ਤ ਸਾਹਿਬਾਨਾਂ ਵਿੱਚੋਂ ਤਿੰਨ ਤਖ਼ਤ ਪੰਜਾਬ ਵਿੱਚ ਸਥਿਤ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਰਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸ਼ਾਮਲ ਹਨ। ਉਨ੍ਹਾ ਕਿਹਾ ਕਿ ਇਨ੍ਹਾਂ ਪਵਿੱਤਰ ਤਖ਼ਤ ਸਾਹਿਬਾਨਾਂ ਦੀ ਸਥਾਪਨਾ ਵਾਲੇ ਤਿੰਨਾਂ ਸ਼ਹਿਰਾਂ ਨੂੰ ਹੁਣ ਅਧਿਕਾਰਤ ਤੌਰ ’ਤੇ ਰੂਹਾਨੀਅਤ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਏਗੀ। ਉਨ੍ਹਾ ਕਿਹਾ ਕਿ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਈ-ਰਿਕਸ਼ਾ, ਮਿੰਨੀ-ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾ ਸਪੱਸ਼ਟ ਕੀਤਾ ਕਿ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਹੁਣ ਸਖ਼ਤ ਨਿਯਮ ਲਾਗੂ ਹੋਣਗੇ। ਉਨ੍ਹਾ ਭਰੋਸਾ ਦਿਵਾਉਦਿਆਂ ਕਿਹਾ ਕਿ ਇਹ ਫੈਸਲਾ ਇਨ੍ਹਾਂ ਸਥਾਨਾਂ ਦੀ ਪਵਿੱਤਰਤਾ ਦੇ ਮੱਦੇਨਜ਼ਰ ਲਿਆ ਗਿਆ ਹੈ ਅਤੇ ਹੁਣ ਇਨ੍ਹਾਂ ਤਿੰਨੋਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਕਿਸੇ ਵੀ ਨਸ਼ੀਲੇ ਪਦਾਰਥ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।
ਇਸੇ ਦੌਰਾਨ ਮਾਨ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜੀਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ ’ਤੇ ਤੁਲਿਆ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜੀਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਮਾਨ ਨੇ ਕਿਹਾ ਕਿ ਅਕਾਲੀਆਂ ਦਾ ‘ਡਾਇਨਾਸੌਰ’ ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ।
ਨਿਊ ਜ਼ੀਲੈਂਡ ਵਿੱਚ ਨਗਰ ਕੀਰਤਨ ਦੇ ਵਿਰੋਧ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਨਿਊ ਜ਼ੀਲੈਂਡ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਨਿਊਜ਼ ੀਲੈਂਡ ਇੱਕ ਪੜ੍ਹਿਆ-ਲਿਖਿਆ ਦੇਸ਼ ਹੈ, ਪਰ ਪਰਵਾਸ ਦਾ ਮੁੱਦਾ ਵਿਸ਼ਵਵਿਆਪੀ ਚਿੰਤਾ ਬਣ ਗਿਆ ਹੈ। ਉਹਨਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਈ।
ਇਸ ਦੌਰਾਨ ਮੁੱਖ ਮੰਤਰੀ ਨੇ ਧੂਰੀ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਅਤੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾ ਦੱਸਿਆ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਜਨਵਰੀ ਦੇ ਪਹਿਲੇ ਹਫ਼ਤੇ ਹੋਵੇਗਾ, ਜਿਸ ਤੋਂ ਬਾਅਦ ਮਗਸੀਪਾ (ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ) ਵਿਖੇ ਉਨ੍ਹਾਂ ਦੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਸੈਸ਼ਨ ਹੋਣਗੇ।





